ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 28 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 127ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਜਥੇਬੰਦੀ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਕਰਨ, ਅੱਥਰੂ ਗੈਸ ਦੀ ਵਰਤੋਂ ਕਰਨ, ਕਿਸਾਨ ਆਗੂਆਂ ’ਤੇ ਲਾਲ ਕਿਲੇ ਦੀ ਆੜ ’ਚ ਨਾਜਾਇਜ਼ ਪਰਚੇ ਦਰਜ ਕਰਨ ਦੇ ਵਿਰੋਧ ਵਿੱਚ 1 ਤੋਂ 3 ਫਰਵਰੀ ਤੱਕ ਪਿੰਡ ਪੱਧਰ ’ਤੇ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਅਰਥੀ ਫੂਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਅੱਜ ਰੇਲ ਰੋਕੋ ਮੋਰਚੇ ਵਿਚ ਗੁਰਪ੍ਰੀਤ ਸਿੰਘ ਗੋਪੀ ਖਾਨਪੁਰ ਦੀ ਅਗਵਾਈ ਵਿੱਚ ਜੱਥੇ ਵੱਲੋਂ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਧਰਨੇ ਵਿੱਚ ਕਿਸਾਨ ਆਗੂ ਹਰਵਿੰਦਰ ਸਿੰਘ ਨੇ ਕਿਹਾ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਿੰਸਾ ਦੀਆਂ ਘਟਨਾਵਾਂ ਹੋਈਆਂ ਹਨ। ਇਨ੍ਹਾਂ ਨਾਲ ਜਥੇਬੰਦੀ ਦਾ ਕੋਈ ਸਬੰਧ ਨਹੀਂ ਹੈ। ਜਥੇਬੰਦੀ ਵੱਲੋਂ ਸਿਰਫ ਸਯੁੰਕਤ ਮੋਰਚੇ ਵੱਲੋਂ ਪਹਿਲਾਂ ਕੀਤੇ ਐਲਾਨ ਮੁਤਾਬਕ ਰਿੰਗ ਰੋਡ ’ਤੇ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ, ਨਾ ਕਿ ਲਾਲ ਕਿਲੇ ਸਬੰਧੀ। ਇਹ ਸਭ ਕੁਝ ਕੇਂਦਰ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਤਹਿਤ ਹੋਇਆ ਹੈ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਅੱਜ ਕੁੰਡਲੀ ਮੋਰਚੇ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਤੋਂ ਇਸ ਅੰਦੋਲਨ ਵਿੱਚ ਜਿਹੜੇ ਮਾਵਾਂ ਦੇ ਪੁੱਤ ਸ਼ਹਾਦਤਾਂ ਦੇ ਗਏ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਕਿਸਾਨ ਆਗੂਆਂ ਕਿਹਾ ਜੱਖਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਅਤੇ ਸਾਰੇ ਪੰਡਾਲ ਵੱਲੋਂ ਖੜ੍ਹੇ ਹੋ ਕੇ ਦੋ ਮਿੰਟ ਵਾਸਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 6ਵਾਂ ਜੱਥਾ ਮਾਲਵੇ ਅਤੇ ਦੁਆਬੇ ਤੋਂ ਦਿੱਲੀ ਵੱਲ 5 ਫਰਵਰੀ ਨੂੰ ਕੂਚ ਕਰੇਗਾ। ਮੋਰਚੇ ਵਿੱਚ ਸ਼ਹੀਦ ਹੋਏ ਰਤਨ ਸਿੰਘ ਦੇ ਜੱਦੀ ਪਿੰਡ ਕੋਟਲੀ ਢੋਲੇਸ਼ਾਹ ਵਿਖੇ ਇੱਕ ਫਰਵਰੀ ਨੂੰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਤੋਂ ਜੱਥਾ ਪਹੁੰਚੇਗਾ।