ਦਿਲਬਾਗ ਸਿੰਘ ਗਿੱਲ
ਅਟਾਰੀ, 21 ਜੂਨ
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਪਾਕਿਸਤਾਨ) ਵਿੱਚ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਅੱਜ ਭਾਰਤ ਤੋਂ ਖੁਸ਼ਿਵੰਦਰ ਸਿੰਘ ਦੀ ਅਗਵਾਈ ਹੇਠ 448 ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਇਆ। ਅਟਾਰੀ ਤੋਂ ਪਾਕਿਸਤਾਨ ਗਏ ਸਿੱਖ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਕਮੇਟੀ, ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਖਾਲੜਾ ਮਿਸ਼ਨ ਕਮੇਟੀ ਤੇ ਰਾਜਸਥਾਨ ਦੇ ਸ਼ਰਧਾਲੂ ਆਦਿ ਸ਼ਾਮਲ ਸਨ। ਜਥੇ ਦੇ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਅਟਾਰੀ ਸਰਹੱਦ ਵਿਖੇ ਗੱਲਬਾਤ ਕਰਦਿਆਂ ਖੁਸ਼ਿਵੰਦਰ ਸਿੰਘ ਨੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ 10 ਦਿਨਾਂ ਦੀ ਯਾਤਰਾ ਲਈ ਪਾਕਿਸਤਾਨ ਜਾ ਰਿਹਾ ਹੈ। ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਸਬੰਧੀ ਪ੍ਰੋਗਰਾਮ ਬਾਰੇ ਉਨ੍ਹਾਂ ਦੱਸਿਆ ਕਿ ਭਾਰਤੀ ਸਿੱਖ ਜਥਾ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜ ਕੇ ਵਾਹਗਾ ਤੋਂ ਲਾਹੌਰ ਰਸਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ। ਉਥੋਂ ਦੇ ਗੁਰਦੁਆਰਿਆਂ ਅਤੇ ਗੁਰਦੁਆਰਾ ਸੱਚਾ ਸੌਦਾ (ਮੰਡੀ ਚੂਹੜਕਾਣਾ ਸ਼ੇਖੂਪੁਰਾ) ਦੇ ਦਰਸ਼ਨ ਕਰਨ ਉਪਰੰਤ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਲਈ ਰਵਾਨਾ ਹੋਵੇਗਾ ਅਤੇ ਪੰਜਾ ਸਾਹਿਬ ਪਹੁੰਚੇਗਾ। 26 ਜੂਨ ਸ਼ਾਮ ਨੂੰ ਜਥਾ ਪੰਜਾ ਸਾਹਿਬ ਤੋਂ ਤੁਰ ਕੇ 27 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ। ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਵਿਖੇ 27 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 28 ਜੂਨ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਵੇਗਾ। ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਅਖੰਡ ਪਾਠ ਦੇ ਭੋਗ ਪੈਣਗੇ ਅਤੇ ਬਰਸੀ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਸਿੱਖ ਜਥਾ 30 ਜੂਨ ਨੂੰ ਵਤਨ ਪਰਤੇਗਾ। ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰ ਚੁੱਕੇ ਹਨ। ਇੱਕ ਸ਼ਰਧਾਲੂ ਨੇ ਕਿਹਾ ਕਿ ਵੰਡ ਸਮੇਂ ਪਾਕਿਸਤਾਨ ਤੋਂ ਉੱਜੜ ਕੇ ਆਏ ਲੋਕਾਂ ਦੀ ਖੁਵਾਹਿਸ਼ ਹੁੰਦੀ ਹੈ ਕਿ ਉਹ ਆਪਣੇ ਪੁਰਖਿਆਂ ਦੀ ਜਨਮ ਭੂਮੀ ਵੇਖ ਸਕਣ ਪਰ ਅਜਿਹਾ ਮੌਕਾ ਬਹੁਤ ਘੱਟ ਲੋਕਾਂ ਨੂੰ ਨਸੀਬ ਹੁੰਦਾ ਹੈ।