ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਜੁਲਾਈ
ਗੁਰਦੁਆਰਾ ਸੁਧਾਰ ਲਹਿਰ ਦੇ ਆਗੂ ਤੇਜਾ ਸਿੰਘ ਸਮੁੰਦਰੀ ਦੀ 95ਵੀਂ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਗੁਰਮਿਤ ਸਮਾਗਮ ਕਰਵਾਇਆ ਗਿਆ। ਉਹ 17 ਜੁਲਾਈ 1926 ਨੂੰ ਲਾਹੌਰ ਦੀ ਜੇਲ੍ਹ ਵਿਚ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਯਾਦ ਵਿਚ ਇੱਥੇ ਸ਼੍ਰੋਮਣੀ ਕਮੇਟੀ ਕੰਪਲੈਕਸ ’ਚ ਤੇਜਾ ਸਿੰਘ ਸਮੁੰਦਰੀ ਹਾਲ ਬਣਿਆ ਹੋਇਆ ਹੈ। ਸਮਾਗਮ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਉਨ੍ਹਾਂ ਦੀ ਪੰਥਕ ਦੇਣ ਬਾਰੇ ਦੱਸਿਆ। ਬੁਲਾਰਿਆਂ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਪੰਥਕ ਖੇਤਰ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿੱਚ ਵੀ ਉਨ੍ਹਾਂ ਦਾ ਵੱਡਾ ਯੋਗਦਾਨ ਸੀ। ਉਹ ਹਮੇਸ਼ਾਂ ਸਿੱਖ ਪੰਥ ਲਈ ਸਮਰਪਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਕੁਝ ਲੋਕ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਪਛਾਨਣ ਦੀ ਲੋੜ ਹੈ। ਬੀਬੀ ਕਿਰਨਜੋਤ ਕੌਰ ਨੇ ਜਥੇਦਾਰ ਤੇਜਾ ਸਿੰਘ ਸਮੁੰਦਰੀ ਅਤੇ ਮਾਸਟਰ ਤਾਰਾ ਸਿੰਘ ਦੇ ਆਪਸੀ ਰਿਸ਼ਤਿਆਂ ਅਤੇ ਪੰਥਪ੍ਰਸਤੀ ਬਾਰੇ ਵਿਚਾਰ ਸਾਂਝੇ ਕੀਤੇ।
ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਇਸ ਸਮਾਗਮ ਦੌਰਾਨ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਲਿਆ।