ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਮਈ
ਧਰਮਕੋਟ ਦੇ ਗੁਰਦੁਆਰੇ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਮਨਸ਼ਾ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਹੈ। ਇਸ ਲਈ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਵਾਉਣ ਵਾਲੀਆਂ ਤਾਕਤਾਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਧਰਮਕੋਟ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਜਾਂਚ ਮੰਗੀ ਹੈ। ਉਨ੍ਹਾਂ ਦੱਸਿਆ ਕਿ ਖੰਡਤ ਕੀਤਾ ਗਿਆ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਹੁੰਚਾ ਦਿੱਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਇਸ ਘਟਨਾ ਦਾ ਸੱਚ ਸਾਹਮਣੇ ਲਿਆਉਣ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।