ਮਨੋਜ ਸ਼ਰਮਾ
ਬਠਿੰਡਾ, 25 ਮਾਰਚ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਨੇ ਅੱਜ ਕਿਸਾਨਾਂ ਦੇ ਵਿਰੋਧ ਕਾਰਨ ਪੁਲੀਸ ਦੇ ਸਖ਼ਤ ਪਹਿਰੇ ਹੇਠ ਸਥਾਨਕ ਹੋਟਲ ’ਚ ਪ੍ਰੈੱਸ ਕਾਨੰਫਰਸ ਕੀਤੀ। ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਨੂੰ ਜ਼ੀਰੋ ਕਰਾਰ ਦਿੱਤਾ ਅਤੇ ਕਿਸਾਨੀ ਮੁੱਦੇ ’ਤੇ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿੱਠ ਥਾਪੜੀ।
ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਸ੍ਰੀ ਜਿਆਣੀ ਨੂੰ ਕਿਸਾਨੀ ਮੁੱਦੇ ਤੇ ਚੱਲ ਰਹੇ ਅੰਦੋਲਨ ਬਾਰੇ ਸਵਾਲ ਕੀਤੇ ਤਾਂ ਉਨ੍ਹਾਂ ਮੁੜ ਪੁਰਾਣਾ ਰਾਗ ਅਲਾਪਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਲਈ ਤਿਆਰ ਹੈ ਪਰ ਕਾਨੂੰਨ ਰੱਦ ਕਰਨ ਵਾਲੇ ਮਾਮਲੇ ਵਿੱਚ ਉਹ ਕੇਂਦਰੀ ਲੀਡਰਸ਼ਿਪ ਦੀ ਬੋਲੀ ਬੋਲਦੇ ਨਜ਼ਰ ਆਏ। ਉਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਕਹਿਣ ’ਤੇ ਕਿਸਾਨ ਜਥੇਬੰਦੀਆਂ ਪ੍ਰਤੀ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਾਲੇ ਹਨ ਤੇ ਕਿਸਾਨ ਜਥੇਬੰਦੀਆਂ ਨੂੰ ਸਿਆਸੀ ਪਾਰਟੀਆਂ ਗੁਮਰਾਹ ਕਰ ਰਹੀਆਂ ਹਨ। ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਕਿਸਾਨ ਆਗੂਆਂ ਦੀਆਂ ਕਰਵਾਈਆਂ ਮੀਟਿੰਗਾਂ ਦੇ ਹਵਾਲੇ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਸੋਧ ਤੋਂ ਲੈ ਕੇ ਡੇਢ ਸਾਲ ਤੱਕ ਅੱਗੇ ਪਾਉਣ ਤੱਕ ਦੀ ਗੱਲ ਕੀਤੀ ਗਈ ਸੀ ਪਰ ਜੇਕਰ ਉਹ ਮੰਨਣ ਨੂੰ ਤਿਆਰ ਨਹੀਂ ਤਾਂ ਉਹ ਕੀ ਕਰ ਸਕਦੇ ਹਨ। ਉਨ੍ਹਾਂ ਲਾਲ ਕਿਲ੍ਹੇ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਦਾ ਨੱਕ ਵੱਢਣ ਵਾਲੀ ਘਟਨਾ ਕਰਾਰ ਦਿੱਤਾ।
ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਚਾਰ ਸਾਲਾਂ ਦੌਰਾਨ ਕੋਈ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਪ੍ਰਸ਼ਾਂਤ ਕਿਸ਼ੋਰ ਦੇ ਮਾਮਲੇ ਵਿੱਚ ਕਿਹਾ ਕਿ ਇਹ ਸ਼ਰਮ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਨ ਅਤੇ ਪ੍ਰਸ਼ਾਂਤ ਕਿਸ਼ੋਰ ਵਿਧਾਇਕਾਂ ਦੀਆਂ ਮੀਟਿੰਗਾਂ ਲੈ ਰਿਹਾ ਹੈ। ਉਨ੍ਹਾਂ ਕੈਪਟਨ ਨੂੰ ਵੱਡਾ ਗੱਪੀ ਅਤੇ ਕੇਜਰੀਵਾਲ ਨੂੰ ਛੋਟਾ ਗੱਪੀ ਕਰਾਰ ਦਿੱਤਾ। ਵਿਧਾਨ ਸਭਾ ਚੋਣਾਂ ’ਚ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਉਹ ਕਿਸੇ ਪਾਰਟੀ ਨਾਲ ਸਮਝੌਤਾ ਕਰ ਸਕਦੇ ਹਨ ਫਿਰ ਭਾਵੇਂ ਉਹ ਅਕਾਲੀ ਦਲ ਹੋਵੇ।
ਕਿਸਾਨਾਂ ਦੀ ਮੌਤ ’ਤੇ ਨਾ ਪ੍ਰਗਟਾਈ ਹਮਦਰਦੀ
ਕਿਸਾਨਾਂ ਦੀ ਮੌਤ ’ਤੇ ਕੇਂਦਰ ਸਰਕਾਰ ਵੱਲੋਂ ਇੱਕ ਸ਼ਬਦ ਵੀ ਨਾ ਬੋਲਣ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅੰਦੋਲਨ ਵਿਚ ਨੌਜਵਾਨ ਬੈਠਣ, ਬਜ਼ੁਰਗ ਨਹੀਂ ਪਰ ਜੇਕਰ ਉਹ ਫਿਰ ਵੀ ਨਹੀਂ ਮੰਨਦੇ ਤਾਂ ਫੇਰ ਸਰਕਾਰ ਕੀ ਕਰ ਸਕਦੀ ਹੈ।