ਬੀ.ਐਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 15 ਫਰਵਰੀ
ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਦਾ ਯਾਦਗਾਰ ਦਿਨ ਹਰ ਸਾਲ ਵਾਂਗ ਇਸ ਸਾਲ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਭੌਰਾ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜ਼ਾਏ ਗਏ ਅਤੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਕਰਦਾ ਇਕ ਵਿਸ਼ਾਲ ਬਰਾਤ ਰੂਪੀ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਕੀਤੀ। ਇਹ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ, ਗੰਗੂਵਾਲ, ਸੱਧੇਵਾਲ, ਗੁਰਦੁਆਰਾ ਸੁਹੇਲਾ ਘੌੜਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਰੁਕਿਆ। ਜਿੱਥੇ ਸਜੇ ਦੀਵਾਨ ਵਿਚ ਰਾਗੀ-ਢਾਡੀਆਂ ਨੇ ਕੀਰਤਨ ਅਤੇ ਢਾਡੀ ਵਾਰਾਂ ਗਾਈਆਂ। ਇਸ ਮਗਰੋਂ ਨਗਰ ਕੀਰਤਨ ਗੁਰਦੁਆਰਾ ਤ੍ਰਿਵੈਣੀ ਸਾਹਿਬ, ਗੁਰਦੁਆਰਾ ਪੌੜ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕਾ ਲਾਹੋਰ ਪੁੱਜ ਕੇ ਸਮਾਪਤ ਹੋਇਆ। ਗੁਰਦੁਆਰਾ ਗੁਰੂ ਕਾ ਲਾਹੌਰ ਵਿਚ ਖੁੱਲੇ ਦੀਵਾਨ ਸਜਾਏ ਗਏ। ਜਿੱਥੇ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਜਥੇ ਅਤੇ ਕਵਿਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਸੁਣਾਇਆ। ਦੂਰੋਂ ਦੂਰੋਂ ਆਈ ਸੰਗਤ ਨੇ ਗੁਰੂ ਘਰਾਂ ’ਚ ਮੱਥਾ ਟੇਕਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਦਲਜੀਤ ਸਿੰਘ ਭਿੰਡਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ, ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ, ਜਥੇ:ਸੰਤੋਖ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ ਵੀ ਹਾਜ਼ਰ ਸਨ।