ਬੀਰਬਲ ਰਿਸ਼ੀ
ਸ਼ੇਰਪੁਰ, 18 ਸਤੰਬਰ
ਤਿੰਨ ਦਹਾਕੇ ਕਈ ਪੰਜਾਬੀ ਅਖ਼ਬਾਰਾਂ ਦੇ ਪੱਤਰਕਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪੱਤਰਕਾਰ, ਸਾਹਿਤਕਾਰ ਤੇ ਲੇਖਕ ਰਾਜਿੰਦਰਜੀਤ ਸਿੰਘ ਕਾਲਾਬੂਲਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਕਾਲਾਬੂਲਾ ਵਿਖੇ ਸਸਕਾਰ ਕਰ ਦਿੱਤਾ ਗਿਆ। ਕਾਲਾਬੂਲਾ ਪਿਛਲੇ ਕਈ ਮਹੀਨਿਆਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਤੋਂ ਆਪਣਾ ਇਲਾਜ ਕਰਵਾ ਰਹੇ ਸਨ। ਮਰਹੂਮ ਕਾਲਾਬੂਲਾ ਨੇ ਸਮਾਜ ਭਲਾਈ ਕਲੱਬ ਦੇ ਪ੍ਰਧਾਨ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਉਹ ਬੂਟੇ ਲਗਾਏ ਜਾਣ ਤੋਂ ਇਲਾਵਾ ਹੋਰ ਕਈ ਸਮਾਜ ਸੇਵੀ ਗਤੀਵਿਧੀਆਂ ’ਚ ਸ਼ਾਮਲ ਰਹੇ। ਐੱਨਆਰਆਈ ਵਿੰਗ ਦੇ ਆਗੂ ਮਿੰਟੂ ਆਸਟਰੇਲੀਆ ਨੇ ਵਿਦੇਸ਼ ਤੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਦਕਿ ਸਸਕਾਰ ਮੌਕੇ ਪ੍ਰੈੱਸ ਕਲੱਬ ਸ਼ੇਰਪੁਰ, ਪ੍ਰੈੱਸ ਕਲੱਬ ਮਹਿਲ ਕਲਾਂ ਦੇ ਸਮੂਹ ਮੈਂਬਰ, ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਲੋਕ ਮੰਚ ਪੰਜਾਬ ਦੇ ਆਗੂ ਹਰਗੋਬਿੰਦ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੇ ਸੰਦੀਪ ਸ਼ੇਰਪੁਰ ਸਮੇਤ ਇਲਾਕੇ ਦੀ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।