ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 9 ਮਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਪੰਜਾਬੀਆਂ ਨੂੰ ਫਿਰਕਾਪ੍ਰਸਤ ਤੇ ਸਮਾਜ ਵਿਰੋਧੀ ਸ਼ਕਤੀਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ,‘‘ਜਿਹੜੀਆਂ ਸ਼ਕਤੀਆਂ ਪੰਜਾਬ ਨੂੰ ਮੁੜ ਤੋਂ ਅੱਗ ਦੀ ਭੱਠੀ ਵਿੱਚ ਝੋਕਣਾ ਚਾਹੁੰਦੀਆਂ ਹਨ ਉਨ੍ਹਾਂ ਦੇ ਮਨਸੂਬੇ ਕਦੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ।’’
ਉਨ੍ਹਾਂ ਇੱਥੇ ਪ੍ਰੈੱਸ ਕਲੱਬ ਵੱਲੋਂ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਿਰਕਾਪ੍ਰਸਤ ਤੇ ਦੇਸ਼ ਵਿਰੋਧੀ ਤਾਕਤਾਂ ਨਾਲ ਲੜਾਈ ਪੱਤਰਕਾਰਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਲੜੀ ਜਾ ਸਕਦੀ ਹੈ। ਉਨ੍ਹਾਂ ਪੱਤਰਕਾਰ ਭਾਈਚਾਰੇ ਤੋਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ, ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਮਾਫ਼ੀਏ ਵਿਰੁੱਧ ਛੇੜੀ ਜੰਗ ਵਿੱਚ ਸਹਿਯੋਗ ਦੀ ਮੰਗ ਕੀਤੀ। ਸਮਾਗਮ ਦੌਰਾਨ ਸ੍ਰੀ ਸੰਧਵਾਂ ਨੇ ਪੱਤਰਕਾਰਾਂ, ਸਮਾਜ ਸੇਵੀਆਂ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਸਟੇਟ ਪੱਧਰ ਦੇ ਕ੍ਰਿਕਟ ਖਿਡਾਰੀ ਮੋਹਿਤ ਕੁਮਾਰ ਮੋਤੀ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਪ੍ਰਬੰਧਕਾਂ ਵੱਲੋਂ ਸਿਰਪਾਓ ਭੇਟ ਕੀਤਾ ਗਿਆ।