ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਫਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਜਦੋਂ ਦਿਨਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤਾਂ ਭਾਜਪਾ ਵੱਲੋਂ ਇਕ ਦਿਨ ਵਿੱਚ ਹੀ 10 ਚੋਣ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੀਕੇ ਸਿੰਘ ਸ਼ਾਮਲ ਹੋਣਗੇ। ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ 12 ਫਰਵਰੀ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ’ਚ 10 ਚੋਣ ਸਭਾਵਾਂ ਕੀਤੀਆਂ ਜਾਣਗੀਆਂ। ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ 12 ਫਰਵਰੀ ਨੂੰ ਬਲਾਚੌਰ, ਰੋਪੜ, ਰਾਜਪੁਰਾ ਅਤੇ ਘਨੌਰ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 12 ਫਰਵਰੀ ਨੂੰ ਲੁਧਿਆਣਾ ਦੇ ਪਿੰਡ ਗਿੱਲ, ਜਗਰਾਉਂ ਅਤੇ ਕਪੂਰਥਲਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੀਕੇ ਸਿੰਘ ਅੰਮ੍ਰਿਤਸਰ ਦੇ ਉੱਤਰੀ ਵਿਧਾਨ ਸਭਾ ਹਲਕੇ, ਅੰਮ੍ਰਿਤਸਰ ਪੂਰਬੀ ਅਤੇ ਬਾਬਾ ਬਕਾਲਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।