ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਦਸੰਬਰ
ਮੰਗਲਵਾਰ ਰਾਤ ਮਾਨਾਂਵਾਲਾ ਨੇੜੇ ਟੌਲ ਪਲਾਜ਼ਾ ’ਤੇ ਹੁਸ਼ਿਆਰਪੁਰ ਵਾਸੀ ਇੰਦਰਜੀਤ ਸਿੰਘ ਦੀ ਪੁਲੀਸ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇੰਦਰਜੀਤ ਸਿੰਘ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਇਹ ਪੁਲੀਸ ਮੁਕਾਬਲਾ ਝੂਠਾ ਸੀ। ਇਸ ਮਾਮਲੇ ਦੀ ਜਾਂਚ ਐੱਸਡੀਐੱਮ ਵਿਕਾਸ ਹੀਰਾ ਨੂੰ ਸੌਂਪੀ ਗਈ ਹੈ, ਜਿਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਆਖਿਆ ਕਿ ਪੋਸਟਮਾਰਟਮ ਦੀ ਵੀਡਿਓਗ੍ਰਾਫ਼ੀ ਕੀਤੀ ਗਈ ਹੈ। ਇਸ ਤੋਂ ਇਲਾਵਾ ਟੌਲ ਪਲਾਜ਼ਾ ਅਤੇ ਇਸ ਦੇ ਨੇੜਲੇ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈਣ ਲਈ ਆਖਿਆ ਹੈ, ਜਿਸ ਨੂੰ ਘੋਖਿਆ ਜਾਵੇਗਾ। ਉਸ ਵਾਹਨ ਦੀ ਵੀ ਜਾਂਚ ਕੀਤੀ ਜਾਵੇਗੀ, ਜਿਸ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਅਤੇ ਪੁਲੀਸ ਮੁਲਾਜ਼ਮਾਂ ਦੇ ਬਿਆਨ ਕਲਮਬੰਦ ਕੀਤੇ ਜਾਣਗੇ।