ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਸਤੰਬਰ
ਕਰਤਾਰਪੁਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਜੋਤੀ ਜੋਤ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਲਕੇ 20 ਸਤੰਬਰ ਨੂੰ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਵੱਲੋਂ ਜੋਤੀ ਜੋਤ ਦਿਵਸ 20, 21 ਅਤੇ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਮੁੱਖ ਸਮਾਗਮ 22 ਸਤੰਬਰ ਨੂੰ ਹੋਵੇਗਾ, ਜਿਸ ਵਿੱਚ ਸ਼ਾਮਲ ਹੋਣ ਲਈ ਭਾਰਤੀ ਸਿੱਖ ਆਗੂਆਂ ਨੂੰ ਵੀ ਸੱਦਾ ਪੱਤਰ ਭੇਜੇ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਜਥੇਦਾਰ ਨੂੰ ਪਾਕਿਸਤਾਨ ਜਾਣ ਲਈ ਵੀਜ਼ਾ ਮਿਲ ਚੁੱਕਾ ਹੈ ਅਤੇ ਭਾਰਤ ਸਰਕਾਰ ਵੱਲੋਂ ਰਸਮੀ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ।