ਨਵੀਂ ਦਿੱਲੀ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਵੱਜੋਂ ਅੱਜ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਕਾਲਕਾ ਦਾ ਇਹ ਅਸਤੀਫ਼ਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਦੇ 10ਵੇਂ ਦਿਨ ਆਇਆ ਹੈ। ਬੀਤੇ ਦਿਨੀਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਰਣਜੀਤ ਕੌਰ ਨੇ ਵੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸ੍ਰੀ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਅਸਤੀਫ਼ੇ ਪੱਤਰ ਵਿੱਚ ਲਿਖਿਆ ਕਿ ਹੁਣ ਦਿੱਲੀ ਦੀ ਸੰਗਤ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁਖੀ ਬਣਾਇਆ ਹੈ ਇਸ ਲਈ ਉਹ ਚਾਹੁੰਦੇ ਹਨ ਕਿ ਸਿਆਸਤ ਤੋਂ ਉੱਪਰ ਉੱਠ ਕੇ ਸਾਰੀ ਸੰਗਤ ਦੀ ਸੇਵਾ ਸਾਰੇ ਮੈਂਬਰਾਂ ਨਾਲ ਮਿਲ ਕੇ ਕਰ ਸਕਣ ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਰਹੇ ਹਨ।