ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਦੇ ਅੱਜ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਦੇ ਉਮੀਦਵਾਰਾਂ ਨੇ ਆਪੋ-ਆਪਣੀ ਪਾਰਟੀ ਦੇ ਸੂਬਾਈ ਪ੍ਰਧਾਨਾਂ ਸਣੇ ਚੋਣ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਫ਼ਤਰ ਜਾ ਕੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਮੌਜੂਦ ਸਨ। ਕਮਲਦੀਪ ਕੌਰ ਪਹਿਲੀ ਵਾਰ ਸਿਆਸੀ ਮੈਦਾਨ ਵਿੱਚ ਉੱਤਰ ਰਹੀ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਵਜੋਂ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਸਮੁੱਚੀ ਲੀਡਰਸ਼ਿਪ ਸਮੇਤ ਅੱਜ ਇੱਥੇ ਪੁੱਜ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਸਾਬਕਾ ਮੰਤਰੀ ਬਲਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਤੇ ਹੋਰ ਕਈ ਆਗੂ ਮੌਜੂਦ ਸਨ। ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ। ਗੋਲਡੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪਾਰਟੀ ਆਗੂ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ ਸਮੇਤ ਕਈ ਆਗੂ ਮੌਜੂਦ ਸਨ। ਗੋਲਡੀ 2017 ਵਿੱਚ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੇ ਸਨ, ਪਰ 2022 ਦੀ ਵਿਧਾਨ ਸਭਾ ਚੋਣ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਤੋਂ ਹਾਰ ਗਏ ਸਨ। ਇਸ ਤੋਂ ਪਹਿਲਾਂ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਚੁੱਕੇ ਹਨ।
ਕੁੱਲ 21 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ ਕੁੱਲ 18 ਉਮੀਦਵਾਰਾਂ ਨੇ ਕਾਗਜ਼ ਭਰੇ, ਜਦਕਿ ਤਿੰਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਪਹਿਲਾਂ ਹੀ ਦਾਖਲ ਕਰਵਾ ਗਏ ਸਨ। ਚੋਣ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਮਲਦੀਪ ਕੌਰ ਰਾਜੋਆਣਾ, ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਤੇ ਕਰਨ ਇੰਦਰ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਦਲਵੀਰ ਸਿੰਘ ਗੋਲਡੀ ਤੇ ਸਿਮਰਤ ਕੌਰ, ‘ਆਪ’ ਵੱਲੋਂ ਦਲਜੀਤ ਸਿੰਘ ਘੁਮਾਣ, ਅਪਨੀ ਏਕਤਾ ਪਾਰਟੀ ਵੱਲੋਂ ਹਸਨ ਮੁਹੰਮਦ ਤੇ ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੈਟਿਕ) ਵੱਲੋਂ ਜਗਮੋਹਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਭਲਕੇ 7 ਜੂਨ ਨੂੰ ਉਮੀਦਵਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਕੀਤੀ ਜਾਵੇਗੀ ਤੇ 9 ਜੂਨ ਤੱਕ ਇਹ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ।
ਈਡੀ ਤੇ ਸੀਬੀਆਈ ਦੇ ਡਰੋਂ ਭਾਜਪਾ ਵਿੱਚ ਗਏ ਕਾਂਗਰਸੀ: ਵੜਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਛੱਡ ਕੇ ਜਾਣ ਵਾਲਿਆਂ ਨੂੰ ਈਡੀ ਅਤੇ ਸੀਬੀਆਈ ਦਾ ਡਰ ਸਤਾ ਰਿਹਾ ਸੀ ਤੇ ਪਨਾਹ ਲੈਣ ਲਈ ਇਹ ਆਗੂ ਭਾਜਪਾ ਵਿੱਚ ਸ਼ਾਮਲ ਹੋਏ ਹਨ। ਵੜਿੰਗ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਪੰਜਾਹ-ਪੰਜਾਹ ਸਾਲ ਕਾਂਗਰਸ ਨੂੰ ਲੁੱਟਿਆ ਤੇ ਕਾਂਗਰਸ ’ਚ ਰਹਿ ਕੇ ਲੀਡਰੀਆਂ ਲਈਆਂ, ਉਹ ਅੱਜ ਕਿਹੜੇ ਮੂੰਹ ਨਾਲ ਕਾਂਗਰਸ ਉਪਰ ਸਵਾਲ ਚੁੱਕ ਰਹੇ। ਸ੍ਰੀ ਵੜਿੰਗ ਅੱਜ ਇੱਥੇ ਪਾਰਟੀ ਉਮੀਦਵਾਰ ਦਲਬੀਰ ਸਿੰਘ ਗੋਲਡੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਮਗਰੋਂ ਕਿਹਾ ਕਿ ਜਿਹੜੇ ਵੀ ਆਗੂ ਕਾਂਗਰਸ ਛੱਡ ਕੇ ਜਾਣਾ ਚਾਹੁੰਦੇ ਹਨ, ਉਹ ਜਲਦੀ ਚਲੇ ਜਾਣ ਤਾਂ ਜੋ ਨੌਜਵਾਨ ਵਰਗ ਲਈ ਨਵੇਂ ਰਾਹ ਖੁੱਲ੍ਹਣ ਅਤੇ ਉਹ ਪੰਜਾਬ ਦੀ ਅਗਵਾਈ ਕਰ ਸਕਣ। ਰਾਜਾ ਵੜਿੰਗ ਨੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸੁਨੀਲ ਜਾਖੜ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਵੱਡੇ ਸਿਆਸੀ ਆਗੂ ਹਨ ਤਾਂ ਵਿਧਾਨ ਸਭਾ ਤੋਂ ਆਪਣੇ ਭਤੀਜੇ ਦਾ ਅਸਤੀਫ਼ਾ ਦਿਵਾਉਣ ਅਤੇ ਖ਼ੁਦ ਚੋਣ ਲੜਨ। ਉਨ੍ਹਾਂ ‘ਆਪ’ ਆਗੂ ਰਾਘਵ ਚੱਢਾ ਵੱਲੋਂ ਦਿੱਤੇ ਬਿਆਨ, ‘ਭਾਜਪਾ ਕਾਂਗਰਸ ਦਾ ਕੂੜਾਦਾਨ ਬਣ ਗਈ ਹੈ’ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਘਵ ਚੱਢਾ ਨੇ ਪਹਿਲੀ ਵਾਰ ਕੋਈ ਚੰਗੀ ਗੱਲ ਆਖੀ ਹੈ।
ਕਮਲਦੀਪ ਦੇ ਹੱਕ ’ਚ ਆਪਣਾ ਨਾਂ ਵਾਪਸ ਲੈਣ ਸਿਮਰਨਜੀਤ ਮਾਨ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਮਨੀ ਚੋਣ ਵਿੱਚ ਪੰਥਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਖੜ੍ਹਦੇ ਹੋਏ ਆਪਣਾ ਨਾਮ ਵਾਪਸ ਲੈਣ ਤਾਂ ਜੋ ਪੰਥਕ ਏਕਤਾ ਬਣੀ ਰਹੇ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾ ਸਕੇ। ਇੱਥੇ ਕਮਲਦੀਪ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਖ਼ੁਦ ਸਿਮਰਨਜੀਤ ਮਾਨ ਦੇ ਘਰ ਜਾ ਕੇ ਅਪੀਲ ਕੀਤੀ ਸੀ ਕਿ ਬੰਦੀ ਸਿੰਘਾਂ ਦੇ ਪਰਿਵਾਰਾਂ ਵਿੱਚੋਂ ਕੋਈ ਮੈਂਬਰ ਸਾਂਝਾ ਉਮੀਦਵਾਰ ਚੁਣਿਆ ਜਾਵੇ। ਬਾਦਲ ਨੇ ਦੱਸਿਆ ਕਿ ਉਨ੍ਹਾਂ ਸ੍ਰੀ ਮਾਨ ਨਾਲ ਵਾਅਦਾ ਵੀ ਕੀਤਾ ਸੀ ਕਿ ਇਹ ਚੋਣ ਸਿਰਫ਼ ਡੇਢ ਸਾਲ ਲਈ ਹੈ ਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਡਟ ਕੇ ਹਮਾਇਤ ਕਰੇਗਾ, ਪਰ ਉਨ੍ਹਾਂ ਆਪਣੀ ਜ਼ਿੱਦ ਨਹੀਂ ਛੱਡੀ। ਉਨ੍ਹਾਂ ਦੱਸਿਆ ਕਿ ਅੱਜ ਸਾਰੀਆਂ ਪੰਥਕ ਜਥੇਬੰਦੀਆਂ, ਅਕਾਲੀ ਦਲ ਤੇ ਬਸਪਾ ਦੀ ਹੋਈ ਸਾਂਝੀ ਮੀਟਿੰਗ ਵਿੱਚ ਸਿਮਰਨਜੀਤ ਮਾਨ ਨੂੰ ਇਹ ਅਪੀਲ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।
ਜ਼ਿਮਨੀ ਚੋਣ ਦੇ ਨਤੀਜੇ ਬਦਲਾਅ ਵਾਲੇ ਹੋਣਗੇ: ਅਸ਼ਵਨੀ ਸ਼ਰਮਾ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸੰਗਰੂਰ ਹਲਕੇ ਦਾ ਭਲਾ ਇਸੇ ਵਿਚ ਹੈ ਕਿ ਲੋਕ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਜਿਤਾ ਕੇ ਸੰਸਦ ਵਿਚ ਭੇਜਣ ਕਿਉਂਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ ਅਤੇ ਵਧੀਆ ਤਰੀਕੇ ਨਾਲ ਸ੍ਰੀ ਢਿੱਲੋਂ ਹਲਕੇ ਦੇ ਲੋਕਾਂ ਦੀ ਸੇਵਾ ਕਰ ਸਕਦੇ ਹਨ। ਉਨ੍ਹਾਂ ‘ਆਪ’ ਸਰਕਾਰ ’ਤੇ ਤਨਜ਼ ਕੱਸਦਿਆਂ ਕਿਹਾ ਕਿ ਬੜੀ ਮੁਸ਼ਕਲ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਬਹਾਲ ਹੋਈ ਸੀ ਪਰ ਦੋ ਮਹੀਨਿਆਂ ਦੇ ਅੰਦਰ ਹੀ ਨੌਸਿਖੀਆਂ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਨਿਰਾਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜੇ ਬਦਲਾਅ ਵਾਲੇ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੋਈ ਵੀ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਜਿਸ ਨਾਲ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕੋਈ ਆਂਚ ਆਵੇ। ‘ਆਪ’ ਆਗੂ ਰਾਘਵ ਚੱਢਾ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਵਾਲੇ ਕਾਂਗਰਸੀ ਆਗੂਆਂ ਬਾਰੇ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਰਾਜਨੀਤੀ ਦੀ ਸਮਝ ਨਹੀਂ ਹੈ ਅਤੇ ਸ਼ਬਦਾਂ ਦੀ ਮਰਿਆਦਾ ਅਜਿਹੀ ਨਹੀਂ ਹੋਣੀ ਚਾਹੀਦੀ।