ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਐਲਾਨ ਕੀਤਾ ਕਿ ਜੇਕਰ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੁੰਦੀ ਹੈ ਤਾਂ ਸੂਬਾ ਵਾਸੀਆਂ ਨੂੰ 300 ਯੂਨਿਟ ਮੁਫਤ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਲੋਕ ਸਭਾ ਮੈਂਬਰ ਅਤੇ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਆਮ ਆਦਮੀ ਪਾਰਟੀ ਜਿੱਤਦੀ ਹੈ ਤਾਂ ਸ੍ਰੀ ਕੇਜਰੀਵਾਲ ਵੱਲੋਂ ਸੂੁਬੇ ਦੇ ਲੋਕਾਂ ਨੂੰ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਜਿਹੜੀਆਂ ਦਿੱਲੀ ਵਾਸੀਆਂ ਨੂੰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਕੇਜਰੀਵਾਲ ਨੇ ਪੰਜਾਬ ਵਿੱਚ ਬਿਜਲੀ ਸੰਕਟ ਦੇ ਹੱਲ ਲਈ ਇਕ ਫਾਰਮੂਲਾ ਵੀ ਪੇਸ਼ ਕੀਤਾ। ਇਥੇ ਪੰਜਾਬ ਭਵਨ ਵਿੱਚ ਕੇਜਰੀਵਾਲ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਰੋਕੇ ਜਾਣ ’ਤੇ ਸ੍ਰੀ ਕੇਜਰੀਵਾਲ ਤੇ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਨਾ ਸੀ ਜਿਸ ਕਰਕੇ ਸਰਕਾਰ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਲਾਉਣ ਦਾ ਕੰਮ ਜ਼ੋਰਾਂ ’ਤੇ ਹੈ ਪਰ ਬਿਜਲੀ ਦੀ ਘਾਟ ਕਾਰਨ ਕਿਸਾਨ ਸਾਰਥਕ ਰੂਪ ਨਾਲ ਝੋਨੇ ਦੀ ਲੁਆਈ ਨਹੀਂ ਕਰ ਸਕੇੇ।