ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਲਈ ਕਾਂਗਰਸ ਪਾਰਟੀ ਦੇ ਨਕਸ਼ੇ ਕਦਮਾਂ ’ਤੇ ਚੱਲ ਪਈ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਪੰਥਕ ਵਿਰੋਧੀ ਤਾਕਤਾਂ ਨਾਲ ਰਲ ਕੇ ਅਕਾਲੀ ਦਲ ਨੂੰ ਆਉਂਦੀਆਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲੜਨ ਤੋਂ ਰੋਕਣ ਲਈ ਤਰਲੋ-ਮੱਛੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਚੋਣਾਂ ਦੇ ਮੰਤਰੀ ਰਾਜਿੰਦਰਪਾਲ ਗੌਤਮ ਨੇ ਪ੍ਰਮੁੱਖ ਸਕੱਤਰ ਗੁਰਦੁਆਰਾ ਚੋਣ ਵਿਭਾਗ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਸੋਧੇ ਹੋਏ ਕੁਝ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣ। ਸੀ-ਵੋਟਰ ਸਰਵੇ ’ਤੇ ਟਿੱਪਣੀ ਕਰਦਿਆਂ ਅਕਾਲੀ ਆਗੂ ਨੇ ਏਜੰਸੀ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਕਰਨ ਦੀ ਮੰਗ ਕੀਤੀ।