ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 11 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਚੁੱਕ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ। ਸ੍ਰੀ ਚੀਮਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਜਿਸ ਵਿਅਕਤੀ ਨੂੰ ਕਿਸੇ ਫਾਈਲ ’ਤੇ ਦਸਤਖ਼ਤ ਕਰਨ ਤੋਂ ਵੀ ਰੋਕਿਆ ਹੋਵੇ, ਅੱਜ ਪੰਜਾਬ ਸਰਕਾਰ ਉਸ ਨੂੰ ਰੋਲ ਮਾਡਲ ਬਣਾ ਕੇ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਕਰਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅੰਦਰ ਧਰੁਵੀਕਰਨ ਦੀ ਰਾਜਨੀਤੀ ਕਰ ਲੋਕਾਂ ਨੂੰ ਵੰਡਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਲਈ ਰਵਨੀਤ ਬਿੱਟੂ ਜਾਣ-ਬੁੱਝ ਕੇ ਮਾੜੇ ਸ਼ਬਦ ਵਰਤ ਰਹੇ ਹਨ। ਡਾ. ਚੀਮਾ ਨੇ ਕਿਹਾ ਕਿ ਅੱਜ ਇਹਨਾਂ ਦੋਵੇਂ ਪਾਰਟੀਆਂ ਦੇ ਆਗੂ ਪੰਜਾਬ ਦੇ ਅਸਲ ਮੁੱਦਿਆਂ ਦੀ ਗੱਲ ਨਹੀਂ ਕਰਦੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੰਦੀਪ ਕਲੋਤਾ, ਪ੍ਰਿੰਸੀਪਲ ਡਾ. ਜਸਬੀਰ ਸਿੰਘ ਆਦਿ ਹਾਜ਼ਰ ਸਨ।