ਆਤਿਸ਼ ਗੁਪਤਾ/ਦਰਸ਼ਨ ਸਿੰਘ ਸੋਢੀ
ਚੰਡੀਗੜ੍ਹ/ ਮੁਹਾਲੀ, 29 ਸਤੰਬਰ
ਮੁੱਖ ਅੰਸ਼
- ਚੋਣ ਵਾਅਦੇ ਪੂਰੇ ਕਰਨ ਦੀ ਚੁਣੌਤੀ ਦਿੱਤੀ
ਆਮ ਆਦਮੀ ਪਾਰਟੀ (ਆਪ) ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ’ਤੇ ਪਹੁੰਚ ਗਏ ਹਨ। ਏਅਰਪੋਰਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਕੈਬਨਿਟ ਵਿੱਚੋਂ ਭ੍ਰਿਸ਼ਟ ਮੰਤਰੀਆਂ ਨੂੰ ਬਾਹਰ ਕਰਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕੀਤੀ ਜਾਵੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਰਾਜਨੀਤਕ ਅਸਥਿਰਤਾ ਬਣੀ ਹੋਈ ਹੈ, ਜੋ ਬਹੁਤ ਮੰਦਭਾਗੀ ਗੱਲ ਹੈ। ਕਾਂਗਰਸ ਪਾਰਟੀ ਨੇ ਸਰਕਾਰ ਨੂੰ ਤਮਾਸ਼ਾ ਬਣਾ ਕੇ ਰੱਖ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਲ 2017 ਦੀਆਂ ਚੋਣਾਂ ’ਚ ਕਈ ਵਾਅਦੇ ਕੀਤੇ ਪਰ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਕੈਪਟਨ ਦੇ ਚੋਣ ਵਾਅਦਿਆਂ ਵਿੱਚੋਂ ਪੰਜ ਵਾਅਦਿਆਂ ਨੂੰ ਪੂਰਾ ਕਰਨ ਦੀ ਚੁਣੌਤੀ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਨਾਮ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਵਿੱਚ ਸ਼ਾਮਲ ਹਨ। ਉਸ ਦੇ ਆਧਾਰ ’ਤੇ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਜ਼ਰੂਰੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲਾਂ ਦੇ ਰਾਜ ’ਚ ਨਾ ਨੌਕਰੀਆਂ ਦਿੱਤੀਆਂ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ। ਉਨ੍ਹਾਂ ਮੰਗ ਕੀਤੀ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ ਅਤੇ ਸਾਢੇ ਚਾਰ ਸਾਲਾਂ ਦਾ ਬਕਾਇਆ ਖੜ੍ਹਾ ਬੇਰੁਜ਼ਗਾਰੀ ਭੱਤਾ ਵੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਤੁਰੰਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਮੁਆਫ਼ ਕਰਨੇ ਚਾਹੀਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਪ੍ਰਾਈਵੇਟ ਬਿਜਲੀ ਸਮਝੌਤੇ (ਪੀ.ਪੀ.ਏ) ਤੁਰੰਤ ਰੱਦ ਕਰਨ ਦੀ ਮੰਗ ਕੀਤੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਕੋਲ ਕੇਵਲ 49 ਦਿਨਾਂ ਦਾ ਸਮਾਂ ਸੀ। ਉਨ੍ਹਾਂ ਨੇ ਇਸ ਸਮੇਂ ਦੌਰਾਨ ਬਿਜਲੀ ਸਸਤੀ ਕੀਤੀ, ਪੀਣ ਵਾਲਾ ਪਾਣੀ ਮੁਫ਼ਤ ਕੀਤਾ ਅਤੇ ਭ੍ਰਿਸ਼ਟਾਚਾਰ ਖ਼ਤਮ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ 4 ਮਹੀਨਿਆਂ ਦਾ ਸਮਾਂ ਹੈ।
ਕੇਜਰੀਵਾਲ ਨਾਲ ਨਜ਼ਰ ਆਏ ਭਗਵੰਤ ਮਾਨ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵੀਧੀਆਂ ਤੋਂ ਪਾਸਾ ਵੱਟਿਆ ਹੋਇਆ ਸੀ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮਦ ’ਤੇ ਉਹ ਉਨ੍ਹਾਂ ਦੇ ਨਾਲ ਖੜ੍ਹੇ ਦਿਖਾਈ ਦਿੱਤੇ। ਉਹ ਲੁਧਿਆਣਾ ’ਚ ਕੀਤੇ ਗਏ ਸਮਾਗਮਾਂ ’ਚ ਵੀ ਨਾਲ-ਨਾਲ ਦਿਖਾਈ ਦਿੱਤੇ।
ਕੇਜਰੀਵਾਲ ਨੇ ਮੁੱਖ ਮੰਤਰੀ ਦੇ ਉਮੀਦਵਾਰ ਬਾਰੇ ਦੱਸਣ ਤੋਂ ਟਾਲਾ ਵੱਟਿਆ
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ‘ਆਪ’ ਦੇ ਸੰਭਾਵੀ ਮੁੱਖ ਮੰਤਰੀ ਦੇ ਉਮੀਦਵਾਰ ਬਾਰੇ ਕੁੱਝ ਵੀ ਦੱਸਣ ਤੋਂ ਟਾਲਾ ਵੱਟਦਿਆਂ ਸਿਰਫ਼ ਐਨਾ ਹੀ ਕਿਹਾ ਕਿ ਪੰਜਾਬ ਨੂੰ ਅਜਿਹਾ ਚਿਹਰਾ ਦਿੱਤਾ ਜਾਵੇਗਾ, ਜਿਸ ’ਤੇ ਸੂਬੇ ਦੇ ਲੋਕ ਫ਼ਖ਼ਰ ਕਰਨਗੇ। ਜਦਕਿ ਕਿਆਸਰਾਈਆਂ ਇਹ ਲਗਾਈਆਂ ਜਾ ਰਹੀਆਂ ਸਨ ਕਿ ਕੇਜਰੀਵਾਲ ਅੱਜ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੇਵਲ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਬਚੀ ਹੈ ਅਤੇ ‘ਆਪ’ ਹੀ ਪੰਜਾਬ ਵਿੱਚ ਸਥਿਰ, ਚੰਗੀ ਅਤੇ ਇਮਾਨਦਾਰ ਸਰਕਾਰ ਦੇਵੇਗੀ। ਮੁਹਾਲੀ ਏਅਰਪੋਰਟ ’ਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਬਲਜਿੰਦਰ ਕੌਰ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾ, ਮੀਤ ਹੇਅਰ, ਮਾ. ਬਲਦੇਵ ਸਿੰਘ ਜੈਤੋ (ਸਾਰੇ ਵਿਧਾਇਕ) ਅਤੇ ਹੋਰ ਆਗੂਆਂ ਨੇ ਪਾਰਟੀ ਸੁਪਰੀਮੋ ਦਾ ਪੰਜਾਬ ਆਉਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ-ਇੰਚਾਰਜ ਰਾਘਵ ਚੱਢਾ ਵੀ ਮੌਜੂਦ ਸਨ।