ਜਤਿੰਦਰ ਬੈਂਸ
ਗੁਰਦਾਰਪੁਰ, 13 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਗੁਰਦਾਸਪੁਰ ਦੇ ਪਿੰਡ ਖੋਖਰ ਦਾ ਕਿਸਾਨ ਸੁੱਚਾ ਸਿੰਘ ਸ਼ਹੀਦ ਹੋ ਗਿਆ ਹੈ। ਉਸ ਨੇ ਅੱਜ ਕਾਨਵਾਂ ਟੌਲ ਪਲਾਜ਼ੇ ’ਤੇ ਚੱਲ ਰਹੇ ਧਰਨੇ ਵਾਲੀ ਜਗ੍ਹਾ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸੁੱਚਾ ਸਿੰਘ ਖੇਤੀ ਕਾਨੂੰਨਾਂ ਸਬੰਧੀ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ ਪਿੰਡ ਖੋਖਰ ਵਾਸੀ ਕਿਸਾਨ ਸੁੱਚਾ ਸਿੰਘ (65) ਬਿਜਲੀ ਮਹਿਕਮੇ ਵਿੱਚੋਂ ਸੇਵਾਮੁਕਤ ਹੋਇਆ ਸੀ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਸੀ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਗੁਰਦਾਸਪੁਰ-ਪਠਾਨਕੋਟ ਸੜਕ ਉੱਤੇ ਪੈਂਦੇ ਕਾਨਵਾਂ ਟੌਲ ਪਲਾਜ਼ੇ ’ਤੇ ਧਰਨੇ ਵਿੱਚ ਸ਼ਾਮਲ ਹੋਣ ਗਿਆ ਸੀ, ਜਿਥੇ ਅੱਜ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਤਾ ਲੱਗਦਿਆਂ ਹੀ ਧਰਨੇ ’ਤੇ ਬੈਠੇ ਕਿਸਾਨਾਂ ਵਿੱਚ ਰੋਸ ਫੈਲ ਗਿਆ। ਕਿਸਾਨ ਸੁੱਚਾ ਸਿੰਘ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਰਿਵਾਰ ਦੇ ਵੀ ਕਾਫ਼ੀ ਕਰੀਬ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਦਾ ਪੁਰਾਣਾ ਸਾਥੀ ਸੀ। ਸੂਚਨਾ ਮਿਲਦਿਆਂ ਹੀ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਪਰਿਵਾਰ ਸਮੇਤ ਘਟਨਾ ਸਥਾਨ ’ਤੇ ਪੁੱਜ ਗਏ। ਇਸ ਮੌਕੇ ਹਲਕਾ ਵਿਧਾਇਕ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿੱਚ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੋਦੀ ਨੂੰ ਵੋਟਾਂ ਦਿੱਤੀਆਂ ਸਨ ਪਰ ਹੁਣ ਮੋਦੀ ਸਰਕਾਰ ਲੋਕਾਂ ਖ਼ਿਲਾਫ਼ ਭੁਗਤ ਰਹੀ ਹੈ। ਪਿੰਡ ਖੋਖਰ ਵਿੱਚ ਸੁੱਚਾ ਸਿੰਘ ਦੇ ਸਸਕਾਰ ਮੌਕੇ ਮੌਜੂਦ ਕਿਸਾਨਾਂ ਨੇ ਦ੍ਰਿੜ ਸੰਕਲਪ ਕੀਤਾ ਕਿ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ।