ਗੁਰਨਾਮ ਸਿੰਘ ਚੌਹਾਨ
ਪਾਤੜਾਂ, 5 ਨਵੰਬਰ
ਜੈ ਕਿਸਾਨ ਅੰਦੋਲਨ ਦੇ ਕਨਵੀਨਰ ਅਤੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਮੈਂਬਰ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ ਦੇਸ਼ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤਾ ਗਿਆ ਏਕਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਕੋਲ ਲਾਏ ਗਏ ਧਰਨੇ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ’ਚ ਅਜਿਹਾ ਕੋਈ ਮੌਕਾ ਨਹੀਂ ਆਇਆ ਜਦੋਂ ਕਿਸਾਨ ਇਕਜੁੱਟ ਹੋਇਆ ਹੋਵੇ। ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਖ਼ਿਲਾਫ਼ ਹੱਥ ਦੀਆਂ ਉਂਗਲਾਂ ਹੁਣ ਘਸੁੰਨ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਘੋਲ ਕਰਕੇ ਬਣੇ ਦਬਾਅ ਦਾ ਹੀ ਨਤੀਜਾ ਹੈ ਕਿ ਅਕਾਲੀਆਂ ਨੂੰ ਕੇਂਦਰ ਦੀ ਕੁਰਸੀ ਛੱਡਣੀ ਪਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਮਹਿਲਾਂ ਵਿੱਚੋਂ ਨਿਕਲ ਕੇ ਜੰਤਰ ਮੰਤਰ ’ਤੇ ਬੈਠਣ ਲਈ ਮਜਬੂਰ ਹੋਇਆ ਹੈ।