ਆਤਿਸ਼ ਗੁਪਤਾ
ਚੰਡੀਗੜ੍ਹ, 21 ਫਰਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਦੇਸ਼ ਭਰ ਵਿੱਚ ਕੀਤੀ ਜਾ ਰਹੀਆਂ ਕਿਸਾਨ ਮਹਾਪੰਚਾਇਤਾਂ ਅਤੇ ਅੱਜ ਪੰਜਾਬ ਵਿੱਚ ਕੀਤੀ ਗਈ ਕਿਸਾਨ-ਮਜ਼ਦੂਰ ਏਕਤਾ ਮਹਾਰੈਲੀ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਸੂਬੇ ਵਿੱਚ 125 ਥਾਵਾਂ ’ਤੇ ਸਾਢੇ ਚਾਰ ਮਹੀਨਿਆਂ ਤੋਂ ਚੱਲ ਰਹੇ ਧਰਨਿਆਂ ਵਿੱਚ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ ਹੁਣ ਦੁੱਗਣੇ ਜੋਸ਼ ’ਚ ਦਿਖਾਈ ਦੇਣ ਲੱਗਾ ਹੈ। ਇਸ ਦੇ ਨਾਲ ਹੀ ਧਰਨਿਆਂ ਵਿੱਚ ਔਰਤਾਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਪਹਿਲਾਂ ਨਾਲੋਂ ਵਧਣ ਲੱਗੀ ਹੈ।
ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਆਖਿਆ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ, ਜਿਸ ਵਿੱਚ ਲੋਕ ਦੇਸ਼-ਵਿਦੇਸ਼ ਤੋਂ ਹਿੱਸਾ ਲੈ ਰਹੇ ਹਨ। ਕਿਸਾਨਾਂ ਦੇ ਵੱਡੇ ਇਕੱਠਾਂ ਤੋਂ ਘਬਰਾਈ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਨਵੇਂ-ਨਵੇਂ ਪੈਂਤੜੇ ਅਪਣਾ ਰਹੀ ਹੈ ਪਰ ਲੋਕ ਕੇਂਦਰ ਸਰਕਾਰ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਕੇਂਦਰ ਦੀਆਂ ਇਨ੍ਹਾਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਤਿੰਨੇ ਕਾਨੂੰਨ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ’ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਕਾਨੂੰਨ ਗਾਰੰਟੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਥਾਂ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਕਰ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ, ਪੱਤਰਕਾਰਾਂ, ਤੇ ਬੁੱਧੀਜੀਵੀਆਂ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸ ਰੱਦ ਕੀਤੇ ਜਾਣ।
ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਨ ਨੂੰ ‘ਪਗੜੀ ਸੰਭਾਲ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ।
ਇਸੇ ਸੱਦੇ ਤਹਿਤ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਮਾਗਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਝੂਠ ਬੋਲ ਰਹੀ ਹੈ ਕਿ ਕਿਸਾਨ ਦੋ ਮਹੀਨੇ ਬਾਅਦ ਫ਼ਸਲਾਂ ਦੀ ਵਾਢੀ ’ਤੇ ਚਲੇ ਜਾਣਗੇ ਪਰ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਪਿੱਛੇ ਨਹੀਂ ਹਟਣਗੇ।
ਨੋਹਰ ਕਸਬੇ ’ਚ ਕਿਸਾਨ ਮਹਾਪੰਚਾਇਤ ਅੱਜ
ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹਾ ਸਿਰਸਾ ਨਾਲ ਲੱਗਦੇ ਰਾਜਸਥਾਨ ਦੇ ਕਸਬੇ ਨੋਹਰ ’ਚ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਮਹਾਪੰਚਾਇਤ ਸੱਦੀ ਗਈ ਹੈ। ਇਸ ਕਿਸਾਨ ਮਹਾਪੰਚਾਇਤ ਵਿੱਚ ਰਾਜਸਥਾਨ ਤੋਂ ਇਲਾਵਾ ਹਰਿਆਣਾ ਦੇ ਕਿਸਾਨ ਵੀ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਵਾਸਤੇ ਇਹ ਮਹਾਪੰਚਾਇਤ ਸੱਦੀ ਗਈ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮਹਾਪੰਚਾਇਤ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਤੋਂ ਇਲਾਵਾ ਕਿਸਾਨ ਸਭਾ ਦੇ ਕੌਮੀ ਮੀਤ ਪ੍ਰਧਾਨ ਕਾਮਰੇਡ ਅਮਰਾ ਰਾਮ ਅਤੇ ਕਿਸਾਨ ਆਗੂ ਰਾਜਾ ਰਾਮ ਮੀਲ ਸੰਬੋਧਨ ਕਰਨਗੇ।