ਆਤਿਸ਼ ਗੁਪਤਾ
ਚੰਡੀਗੜ੍ਹ, 16 ਨਵੰਬਰ
ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ ਨੌਂ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਨੇ ਅੰਦੋਲਨ ਨੂੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਸਣੇ ਹੋਰਨਾਂ ਕਿਸਾਨ ਆਗੂਆਂ ਨੇ ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਹਮਲਾ ਕਰਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਹੋਣਾ ਪੈ ਰਿਹਾ ਹੈ। ਇਸੇ ਕਰਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਪਛੜ ਜਾਣ ਕਰਕੇ ਕਣਕ ਦੀ ਬਿਜਾਈ ਦੇਰੀ ਨਾਲ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਕਣਕ ਦੀ ਬਿਜਾਈ ਤੋਂ ਪਹਿਲਾਂ ਹੀ ਕਿਸਾਨਾਂ ਲਈ ਬੋਨਸ ਜਾਂ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਅੰਦੋਲਨ ਖਤਮ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਤੌਰ ’ਤੇ ਮੰਨਿਆ ਸੀ, ਪਰ ਹਾਲੇ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਨੂੰ ਲੋੜੀਂਦਾ ਡੀਏਪੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਣਦੇਖੀ ਵਿਰੁੱਧ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਅੰਦੋਲਨ ਦੀਆਂ ਮੰਗਾਂ ਨੂੂੰ ਪੂਰਾ ਕਰਨ ਲਈ ਠੋਸ ਕਦਮ ਨਹੀਂ ਚੁੱਕਦੀ ਹੈ, ਉੱਦੋਂ ਤੱਕ ਮਰਨ ਵਰਤ ਜਾਰੀ ਰਹੇਗਾ। ਇਸ ਮੌਕੇ ਗੁਰਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਲੌਂਗੋਵਾਲ, ਲਖਵਿੰਦਰ ਸਿੰਘ ਔਲਖ ਹਰਿਆਣਾ ਤੇ ਸੁਰਜੀਤ ਸਿੰਘ ਫੂਲ ਹਾਜ਼ਰ ਸਨ।