ਚੰਡੀਗੜ੍ਹ, 9 ਮਈ
ਪੰਜਾਬ ਸਰਕਾਰ ਦੇ ਤਰਜਮਾਨ ਨੇ ਅੱਜ ਕਿਹਾ ਕਿ 2015 ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਗਠਿਤ ਨਵੀਂ ਸਿੱਟ ਨੂੰ ਜਾਂਚ ਮੁਕੰਮਲ ਕਰਨ ਲਈ ਦਿੱਤੀ ਛੇ ਮਹੀਨੇ ਦੀ ਉਪਰਲੀ ਮਿਆਦ ਹਾਈ ਕੋਰਟ ਵੱਲੋਂ ਨਿਰਧਾਰਿਤ ਕੀਤੀ ਗਈ ਹੈ ਤੇ ਨਵੀਂ ਸਿੱਟ ਨੂੰ ਇਹ ਜਾਂਚ ਇਸ ਮਿਆਦ ਤੋਂ ਪਹਿਲਾਂ ਮੁਕੰਮਲ ਕਰਨ ਦੀ ਪੂਰੀ ਖੁੱਲ੍ਹ ਹੈ। ਤਰਜਮਾਨ ਦਾ ਇਹ ਬਿਆਨ ਅਜਿਹੇ ਮੌਕੇ ਆਇਆ ਹੈ ਜਦੋਂ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤੇ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਸਿੱਟ ਨੂੰ 6 ਮਹੀਨੇ ਦਾ ਸਮਾਂ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਛੇ ਮਹੀਨੇ ਹੋਰ ਦਿੱਤੇ ਜਾਣ ਨਾਲ ਇਸ ਮਾਮਲੇ ਵਿੱਚ ਨਿਆਂ ਮਿਲਣ ਵਿੱਚ ਬੇਲੋੜੀ ਦੇਰੀ ਹੋਵੇਗੀ। ਆਮ ਆਦਮੀ ਪਾਰਟੀ ਤੇ ਭਾਜਪਾ ਨੇ ਵੀ ਇਸ ਮੁੱਦੇ ਤੇ ਪੰਜਾਬ ਸਰਕਾਰ ਨੂੰ ਭੰਡਦਿਆਂ ਕਿਹਾ ਸੀ ਕਿ ਇਹ ਅਸਲ ਮੁਲਜ਼ਮਾਂ ਨੂੰ ਬਚਾਉਣ ਤੇ ਨਿਆਂ ਚ ਬੇਲੋੜੀ ਦੇਰੀ ਦਾ ਯਤਨ ਹੈ। ਤਰਜਮਾਨ ਨੇ ਕਿਹਾ ਕਿ ਸਿੱਟ ਦੇ ਜਾਂਚ ਪਹਿਲਾਂ ਮੁਕੰਮਲ ਕਰ ਲੈਣ ਉੱਤੇ ਕੋਈ ਰੋਕ ਨਹੀਂ ਹੈ। ਜੇਕਰ ਸੰਭਵ ਹੋਵੇ ਤਾਂ ਦੋ ਮਹੀਨਿਆਂ ਵਿਚ ਵੀ ਜਾਂਚ ਪੂਰੀ ਕੀਤੀ ਜਾ ਸਕਦੀ ਹੈ। ਤਰਜਮਾਨ ਨੇ ਸਿਆਸੀ ਹਲਕਿਆਂ ਵਿੱਚ ਹੋ ਰਹੀ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਤੇ ਇਰਾਦੇ ਨੂੰ ਕੁਝ ਅਨਸਰਾਂ, ਜੋ ਆਪਣੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹਨ, ਵੱਲੋਂ ਗ਼ਲਤ ਤਰੀਕੇ ਨਾਲ ਤੇ ਗਲ਼ਤ ਅਰਥਾਂ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਤਰਜਮਾਨ ਨੇ ਕਿਹਾ ਕਿ ਅਮਰਿੰਦਰ ਸਰਕਾਰ ਇਸ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚੇਤੇ ਰਹੇ ਕਿ ਤਿੰਨ ਮੈਂਬਰੀ ਨਵੀਂ ਸਿੱਟ ਨੇ 8 ਮਈ ਨੂੰ ਆਪਣੀ ਪਲੇਠੀ ਵਰਚੁਅਲ ਮੀਟਿੰਗ ਕੀਤੀ ਸੀ। -ਪੀਟੀਆਈ