ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਕਤੂਬਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਭੰਡਾਰਨ ਲਈ ਥਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭਾਰਤੀ ਖੁਰਾਕ ਨਿਗਮ ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ। ਇਸ ਸਾਲ 31 ਦਸੰਬਰ ਤੱਕ ਸੂਬੇ ਦੇ ਗੋਦਾਮਾਂ ਤੋਂ ਲਗਪਗ 40 ਲੱਖ ਮੀਟਰਿਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਕਿ ਨਵੀਂ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਨੇ ਅੱਜ ਤੋਂ ਹੀ ਬਾਸਮਤੀ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਕਿਹਾ ਕਿ ਇਸ ਨਾਲ ਗੁਦਾਮਾਂ ਵਿੱਚ ਨਵੀਂ ਫਸਲ ਲਈ ਖਾਲੀ ਥਾਵਾਂ ਯਕੀਨੀ ਬਣਾਉਣ ਵਿੱਚ ਮੁਸ਼ਕਿਲ ਆਵੇਗੀ।