ਸੰਜੀਵ ਬੱਬੀ
ਚਮਕੌਰ ਸਾਹਿਬ, 19 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਲਏ ਗਏ ਫ਼ੈਸਲੇ ਨੂੰ ਦਰੁਸਤ ਪਰ ਦੇਰੀ ਨਾਲ ਲਿਆ ਗਿਆ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੇ ਇਹ ਫ਼ੈਸਲਾ ਪਹਿਲਾਂ ਲੈ ਲੈਂਦੇ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ। ਸ੍ਰੀ ਚੰਨੀ ਨੇ ਇੱਥੇ ਦਾਸਤਾਨ-ਏ-ਸ਼ਹਾਦਤ (ਥੀਮ ਪਾਰਕ) ਦੇ ਉਦਘਾਟਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਹ ਮੰਨ ਲੈਣਾ ਚਾਹੀਦਾ ਹੈ ਕਿ ਇਹ ਕਾਨੂੰਨ ਲਿਆ ਕੇ ਉਨ੍ਹਾਂ ਬਹੁਤ ਵੱਡੀ ਗ਼ਲਤੀ ਕੀਤੀ। ਕਿਸਾਨੀ ਸੰਘਰਸ਼ ਦੌਰਾਨ ਵਾਪਰੀਆਂ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਨੇ ਜਮਹੂਰੀਅਤ ਦੇ ਨਾਂ ’ਤੇ ਕਲੰਕ ਲਾਇਆ ਹੈ ਅਤੇ ਲੋਕ ਇਸ ਲਈ ਕੇਂਦਰ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੇਂਦਰ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਢੁਕਵਾਂ ਮੁਆਵਜ਼ਾ ਵੀ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨ ਮੋਰਚੇ ਦੌਰਾਨ ਜੋ ਸੂਬੇ ਨੂੰ ਵਿੱਤੀ ਤੌਰ ’ਤੇ ਨੁਕਸਾਨ ਝੱਲਣਾ ਪਿਆ, ਉਸ ਦਾ ਵੀ ਮੁਆਵਜ਼ਾ ਦੇਣਾ ਚਾਹੀਦਾ ਹੈ।
ਚੰਨੀ ਨੇ ਕਿਹਾ ਇਸ ਕਿਸਾਨੀ ਸੰਘਰਸ਼ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ’ਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਤੁਰੰਤ ਵਿੱਤੀ ਪੈਕੇਜ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਘੱਟੋ-ਘੱਟ ਸਮਰੱਥਨ ਮੁੱਲ ਸਮੇਤ ਕਿਸਾਨਾਂ ਦੀਆਂ ਫਸਲਾਂ ਦੀ ਜਨਤਕ ਖਰੀਦ ਬਾਰੇ ਵੀ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਸਣੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਪਰ ਉਹ ਸਫ਼ਲ ਨਾ ਹੋ ਸਕੇ।
ਰਾਜਪਾਲ ਤੇ ਮੁੱਖ ਮੰਤਰੀ ਵੱਲੋਂ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਦਾ ਉਦਘਾਟਨ
ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸਣੇ ਚਾਲੀ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦਾਸਤਾਨ-ਏ-ਸ਼ਹਾਦਤ (ਥੀਮ ਪਾਰਕ) ਦਾ ਉਦਘਾਟਨ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਮਕੌਰ ਸਾਹਿਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਖ਼ਾਸ ਕਰ ਕੇ ਥੀਮ ਪਾਰਕ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਰਾਜਪਾਲ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਚ ਨਤਮਸਤਕ ਹੋਏ। ਉਨ੍ਹਾਂ ਮੁੱਖ ਮਾਰਗ ਤੋਂ ਗੁਰਦੁਆਰਾ ਕਤਲਗੜ੍ਹ ਸਾਹਿਬ ਤੱਕ ਵਿਰਾਸਤੀ ਮਾਰਗ ਦਾ ਉਦਘਾਟਨ ਵੀ ਕੀਤਾ।