ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਜੂਨ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਮਜ਼ਦੂਰ ਵਰਗ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਅੱਜ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਮੁਹਾਲੀ ਦੇ ਫੇਜ਼-8 ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮਜ਼ਦੂਰਾਂ ਨੇ ਪੰਜਾਬ ਵਿਧਾਨ ਸਭਾ ਵੱਲ ਪੈਦਲ ਮਾਰਚ ਕਰਨ ਦਾ ਯਤਨ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਵਾਈਪੀਐੱਸ ਚੌਕ ਨੇੜੇ ਰੋਕ ਲਿਆ ਜਿਸ ਕਾਰਨ ਧਰਨਾਕਾਰੀਆਂ ਨੇ ਸੜਕ ਜਾਮ ਕਰ ਦਿੱਤੀ। ਧਰਨੇ ਦੀ ਅਗਵਾਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਕਾਲਾਝਾੜ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਕਾਮਰੇਡ ਗੁਲਜ਼ਾਰ ਗੌਰੀਆਂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਭੂਪ ਚੰਦ ਚੰਨੋ, ਪੇਂਡੂ ਮਜ਼ਦੂਰ ਯੂਨੀਅਨ ਆਜ਼ਾਦ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਜਲੂਰ ਨੇ ਕੀਤੀ। ਉਨ੍ਹਾਂ ਦਿਹਾੜੀ ਰੇਟ ਲਿਸਟ ਜਾਰੀ ਕਰਾਉਣ, ਘੱਟੋ-ਘੱਟ ਦਿਹਾੜੀ ਰੇਟ 700 ਰੁਪਏ ਕਰਨ, ਮਜ਼ਦੂਰਾਂ ਤੇ ਔਰਤਾਂ ਦਾ ਸਾਰਾ ਕਰਜ਼ਾ ਮੁਆਫ਼ ਕਰਾਉਣ ਆਦਿ ਮੰਗਾਂ ਪੂਰੀਆਂ ਕਰਨ ਲਈ ਕਿਹਾ।
ਬੁਲਾਰਿਆਂ ਨੇ ਕਿਹਾ ਕਿ ਬੇਰੁਜ਼ਗਾਰਾਂ ਅਤੇ ਮਜ਼ਦੂਰਾਂ ਨੂੰ ‘ਆਪ’ ਸਰਕਾਰ ਤੋਂ ਬਹੁਤ ਉਮੀਦਾਂ ਸਨ ਪਰ ਤਿੰਨ ਮਹੀਨਿਆਂ ਦੇ ਸ਼ਾਸਨ ਦੌਰਾਨ ਸਰਕਾਰ ਨੇ ਮਜ਼ਦੂਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਨਹੀਂ ਮਾਰਿਆ। ਇਸ ਤੋਂ ਬਾਅਦ ਐਸਡੀਐਮ ਹਰਬੰਸ ਸਿੰਘ ਨੇ ਮਜ਼ਦੂਰ ਜਥੇਬੰਦੀਆਂ ਨੂੰ 5 ਜੁਲਾਈ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ। ਇਸ ਮਗਰੋਂ ਸ਼ਾਮ ਨੂੰ ਮਜ਼ਦੂਰ ਜਥੇਬੰਦੀਆਂ ਨੇ ਧਰਨਾ ਚੁੱਕਣ ਦਾ ਐਲਾਨ ਕੀਤਾ।