ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 16 ਫਰਵਰੀ
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅੱਜ ਇੱਕ ਵਾਰ ਮੁੜ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਨੂੰ ਅਣਗੌਲਿਆ ਕਰਕੇ ਕਲਾਨੌਰ ’ਚ ਡੇਰਾ ਬਾਬਾ ਨਾਨਕ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਕਾਹਲੋਂ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ| ਲੰਗਾਹ ਨੇ ਆਪਣੇ ਦਫਤਰ ਅੱਜ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਵੀਕਰਨ ਸਿੰਘ ਕਾਹਲੋਂ ਨੂੰ ਜਿਤਾਉਣ ਦੀ ਅਪੀਲ ਕੀਤੀ| ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ’ਤੇ ਸ਼ਬਦੀ ਹਮਲੇ ਕੀਤੇ ਤੇ ਕਿਹਾ ਹੁਣ ਸਮਾਂ ਆ ਗਿਆ ਹੈ ਜਦੋਂ ਕਾਂਗਰਸ ਤੇ ਇਨ੍ਹਾਂ ਦੇ ਮੰਤਰੀਆਂ ਕੋਲੋਂ ਹਿਸਾਬ ਲਿਆ ਜਾਵੇ| ਲੰਗਾਹ ਨੇ ਮੰਨਿਆ ਕਿ ਸ੍ਰੀ ਅਕਾਲ ਤਖ਼ਤ ਨੇ ਉਨ੍ਹਾਂ ਨੂੰ ਪੰਥ ’ਚੋਂ ਛੇਕਿਆ ਹੋਇਆ ਹੈ ਤੇ ਉਨ੍ਹਾਂ ਦੇ ਹੱਥ ਬੰਨ੍ਹੇ ਹੋਏ ਹਨ ਪਰ ਨਾਲ ਹੀ ਉਹ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕਰਦੇ ਵੀ ਵਿਖਾਈ ਦਿੱਤੇ|