ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਜੂਨ
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੀ ਗ਼ਲਤੀ ਨੂੰ ਮੰਨਦਿਆਂ ਅੱਜ ਮੁੜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੁਆਫ਼ੀ ਦੇਣ ਅਤੇ ਪੰਥ ਵਿੱਚ ਵਾਪਸੀ ਦੀ ਅਪੀਲ ਕੀਤੀ ਹੈ। ਉਹ ਅੱਜ ਵੀ ਸ੍ਰੀ ਅਕਾਲ ਤਖਤ ’ਤੇ ਮੱਥਾ ਟੇਕਣ ਆਏ ਸਨ। ਦੱਸਣਯੋਗ ਹੈ ਕਿ ਕੁਝ ਵਰ੍ਹੇ ਪਹਿਲਾ ਉਨ੍ਹਾਂ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ, ਜਿਸ ਕਾਰਨ ਸ੍ਰੀ ਅਕਾਲ ਤਖ਼ਤ ਵੱਲੋਂ ਉਸ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਉਸ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਖ਼ਾਰਜ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਅਦਾਲਤੀ ਕੇਸ ਤੋਂ ਮੁਕਤ ਹੋਣ ਮਗਰੋਂ ਹੁਣ ਉਸ ਵੱਲੋਂ ਸ੍ਰੀ ਅਕਾਲ ਤਖ਼ਤ ਤੋਂ ਵੀ ਮੁਆਫ਼ੀ ਦੇਣ ਅਤੇ ਪੰਥ ਵਿੱਚ ਵਾਪਸੀ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਸਬੰਧੀ ਉਹ ਪਿਛਲੇ 72 ਦਿਨਾਂ ਤੋਂ ਅਕਾਲ ਤਖਤ ਵਿਖੇ ਮੱਥਾ ਟੇਕਣ ਲਈ ਆ ਰਹੇ ਹਨ ਅਤੇ ਇੱਥੇ ਬੈਠ ਕੇ ਪਾਠ ਵੀ ਕਰਦੇ ਹਨ।
ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਹ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਪਣਾ ਮੁਆਫ਼ੀ ਪੱਤਰ ਦੇ ਚੁੱਕੇ ਹਨ। ਉਨ੍ਹਾਂ ਦੇ ਮਾਪਿਆਂ ਵੱਲੋਂ ਵੀ ਇਸ ਸਬੰਧੀ ਅਪੀਲ ਕੀਤੀ ਜਾ ਚੁੱਕੀ ਹੈ। ਲੰਗਾਹ ਨੇ ਕਿਹਾ ਕਿ ਉਸ ਦੇ ਬੱਚੇ ਵਿਆਹੁਣ ਯੋਗ ਹਨ ਤੇ ਉਸ ਦੀ ਆਪਣੀ ਸਿਹਤ ਵੀ ਠੀਕ ਨਹੀਂ ਰਹਿੰਦੀ ਹੈ। ਇਸ ਸਬੰਧੀ ਉਸ ਨੂੰ ਸ੍ਰੀ ਅਕਾਲ ਤਖ਼ਤ ਤੋਂ ਜੋ ਵੀ ਸਜ਼ਾ ਦਿੱਤੀ ਜਾਵੇਗੀ, ਉਹ ਖਿੜੇ ਮੱਥੇ ਸਵੀਕਾਰ ਕਰੇਗਾ। ਉਨ੍ਹਾਂ ਕਿਹਾ ਕਿ ਉਹ ਆਪਣੀ ਗ਼ਲਤੀ ਨੂੰ ਸਵੀਕਾਰ ਕਰਦੇ ਹਨ ਤੇ ਇਸੇ ਲਈ ਹੀ ਸ੍ਰੀ ਅਕਾਲ ਤਖ਼ਤ ਤੋਂ ਮੁਆਫ਼ੀ ਮੰਗੀ ਹੈ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਮਗਰੋਂ ਹੀ ਕੋਈ ਫ਼ੈਸਲਾ ਕੀਤਾ ਜਾ ਸਕਦਾ ਹੈ।