ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 9 ਜੂਨ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਤਜਵੀਜ਼ ਖ਼ਿਲਾਫ਼ ਅੱਜ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕੀਤਾ। ਚੰਡੀਗੜ੍ਹ ਅਤੇ ਪੰਜਾਬ ਭਰ ’ਚੋਂ ਵਿਦਿਆਰਥੀ ਅੱਜ ਸਵੇਰੇ 11 ਵਜੇ ਹੀ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਵੱਡੀ ਗਿਣਤੀ ਵਿਦਿਆਰਥੀ ਇਕੱਠੇ ਹੋ ਗਏ। ਇੱਥੇ ਕੇਂਦਰੀ ਤਜਵੀਜ਼ ਬਾਰੇ ਤਕਰੀਰਾਂ ਕਰਨ ਤੋਂ ਬਾਅਦ ਵਿਦਿਆਰਥੀਆਂ ਨੇ ਪੈਦਲ ਹੀ ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕੀਤਾ। ਹਾਲਾਂਕਿ ਵਾਈਪੀਐਸ ਚੌਕ ਨੇੜੇ ਪੁਲੀਸ ਨੇ ਬੈਰੀਕੇਡ ਲਾ ਕੇ ਨੌਜਵਾਨਾਂ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਵਿਦਿਆਰਥੀ ਪੁਲੀਸ ਰੋਕਾਂ ਤੋੜ ਕੇ ਅੱਗੇ ਵਧਣ ਲੱਗੇ ਤਾਂ ਪੰਜਾਬ ਪੁਲੀਸ ਅਤੇ ਕਮਾਂਡੋਜ਼ ਵੱਲੋਂ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ ਤੇ ਕਈਆਂ ਦੀਆਂ ਪੱਗਾਂ ਲੱਥ ਪਈਆਂ। ਪੁਲੀਸ ਨੇ ਲੜਕੀਆਂ ਦੀ ਵੀ ਖਿੱਚ-ਧੂਹ ਕੀਤੀ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਆਗੂ ਗੁਰਪ੍ਰੀਤ ਸਿੰਘ, ਪੀਐੱਸਯੂ (ਸ਼ਹੀਦ ਰੰਧਾਵਾ) ਦੇ ਹੁਸ਼ਿਆਰ ਸਿੰਘ, ਪੀਐੱਸਯੂ ਦੇ ਅਮਨਦੀਪ ਸਿੰਘ ਰੰਧਾਵਾ, ਪੀਆਰਐੱਸਯੂ ਦੇ ਰਸ਼ਪਿੰਦਰ ਜਿੰਮੀ, ਐੱਸਐੱਫਐੱਸ ਦੇ ਸੰਦੀਪ ਸਿੰਘ, ਡੀਐੱਸਓ ਦੇ ਬਿਕਰਮ ਬਾਗੀ, ਪੀਐੱਸਐੱਫ਼ ਦੇ ਗਗਨਦੀਪ ਸਿੰਘ, ਏਆਈਐੱਸਐੱਫ਼ ਦੇ ਵਰਿੰਦਰ ਕੁਮਾਰ, ਆਈਸਾ ਦੇ ਸੁਖਜੀਤ ਰਾਮਾਨੰਦੀ ਅਤੇ ਐੱਸਐੱਫ਼ਆਈ ਦੇ ਰਾਜਵਿੰਦਰ ਸਿੰਘ ਅਤੇ ਰਣਬੀਰ ਸਿੰਘ ਰੰਧਾਵਾ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਬੰਦ ਕਰਕੇ ਇਸ ਨੂੰ ਪੰਜਾਬ ਦੇ ਸਪੁਰਦ ਕੀਤਾ ਜਾਵੇ, ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ, ਭਗਵੇਂਕਰਨ ਅਤੇ ਕੇਂਦਰੀਕਰਨ ਦੀ ਨੀਤੀ ਰੱਦ ਕੀਤੀ ਜਾਵੇ।
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੇ ਏਜੰਡੇ ਨੂੰ ਹਾਈ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਜੇਕਰ ਅਜਿਹਾ ਹੋਇਆ ਤਾਂ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਅਤੇ ਆਰਐਸਐਸ ਦੇ ਸਿੱਧੇ ਕੰਟਰੋਲ ਹੇਠ ਆ ਜਾਵੇਗੀ। ਇੰਜ ਕੇਂਦਰ ਸਰਕਾਰ ਇਸ ਨੂੰ ਪੰਜਾਬ ਕੋਲੋਂ ਖੋਹ ਕੇ ਆਪਣੇ ਹੱਥ ਲੈ ਲਵੇਗੀ। ਪੰਜਾਬੀ ਬੋਲੀ ਤੇ ਸਭਿਆਚਾਰ ਲਈ ਕੰਮ ਕਰਨ ਵਾਲੀ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਮੁਤਾਬਕ ਚੱਲੇਗੀ।
ਉਧਰ, ਵਿਦਿਆਰਥੀਆਂ ਦੇ ਰੋਹ ਨੂੰ ਦੇਖਦੇ ਹੋਏ ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ 10 ਜੂਨ ਨੂੰ ਸਵੇਰੇ 10 ਵਜੇ ਵਿਦਿਆਰਥੀ ਜਥੇਬੰਦੀਆਂ ਦੇ ਮੋਹਰੀ ਆਗੂਆਂ ਦੀ ਮੁੱਖ ਮੰਤਰੀ ਦੇ ਓਐਸਡੀ ਨਾਲ ਮੀਟਿੰਗ ਤੈਅ ਕਰਵਾਈ ਗਈ। ਓਐਸਡੀ ਵਿਦਿਆਰਥੀ ਨਾਲ ਗੱਲਬਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣਗੇ। ਗੱਲਬਾਤ ਦਾ ਸੱਦਾ ਮਿਲਣ ਮਗਰੋਂ ਸ਼ਾਮ ਨੂੰ ਵਿਦਿਆਰਥੀਆਂ ਨੇ ਧਰਨਾ ਚੁੱਕ ਲਿਆ।
ਕਿਸਾਨ ਯੂਨੀਅਨ ਵੱਲੋਂ ਲਾਠੀਚਾਰਜ ਦੀ ਨਿਖੇਧੀ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਮੁਹਾਲੀ ਵਿਚ ਪੰਜਾਬ ਪੁਲੀਸ ਵੱਲੋਂ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਤਾਨਾਸ਼ਾਹ ਰਵੱਈਆ ਜਮਹੂਰੀਅਤ ਖ਼ਿਲਾਫ਼ ਹੈ। ਸੰਵਿਧਾਨ ਮੁਤਾਬਕ ਹਰੇਕ ਵਿਅਕਤੀ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਦੇ ਜ਼ਿੰਮੇਵਾਰ ਅਫ਼ਸਰਾਂ ਅਤੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।