ਸੰਜੀਵ ਤੇਜਪਾਲ
ਮੋਰਿੰਡਾ, 7 ਨਵੰਬਰ
ਐੱਨਐੱਸਕਿਆਊਐੱਫ ਵੋਕੇਸ਼ਨਲ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਤਾਂ ਉਨ੍ਹਾਂ ’ਤੇ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ ’ਚ ਕੁਝ ਅਧਿਆਪਕ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਏ ਸਾਹਿਬ ਸਿੰਘ ਨੇ ਦੱਸਿਆ ਕਿ ਪਿਛਲੇ 152 ਦਿਨਾਂ ਤੋਂ ਐੱਨਐੱਸਕਿਊਐੱਫ ਅਧਿਆਪਕ ਆਪਣੀਆਂ ਮੰਗਾਂ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿੱਚ ਪੱਕਾ ਮੋਰਚਾ ਲਗਾਈ ਬੈਠੇ ਹਨ, ਪਰ ਸਰਕਾਰ ਨੇ ਅੱਜ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ। ਅੱਜ ਜਦੋਂ ਅਧਿਆਪਕਾਂ ਨੇ ਮੋਰਿੰਡਾ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਲਈ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਅਧਿਆਪਕਾਂ ’ਤੇ ਜ਼ੋਰਦਾਰ ਲਾਠੀਚਾਰਜ ਕੀਤਾ, ਜਿਸ ਵਿੱਚ ਇੱਕ ਦਰਜਨ ਦੇ ਕਰੀਬ ਅਧਿਆਪਕ ਜ਼ਖ਼ਮੀ ਹੋਏ ਹਨ। ਜਥੇਬੰਦੀ ਨੇ ਪੁਲੀਸ ਵੱਲੋਂ ਕੀਤੇ ਗਏ ਇਸ ਜਬਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਤੇ ਯੂਨੀਅਨ ਵੱਲੋਂ ਕੰਮ ਦੇ ਆਧਾਰ ’ਤੇ ਵੋਕੇਸ਼ਨਲ ਅਧਿਆਪਕ ਵਜੋਂ ਪੂਰੇ ਸਕੇਲ ਦਿੱਤੇ ਜਾਣ। ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਅਧਿਆਪਕਾਂ ਨੂੰ ਪੱਕਾ ਨਾ ਕਰਕੇ ਕਈ ਨਿੱਜੀ ਕੰਪਨੀਆਂ ਨੂੰ ਲਾਭ ਦੇ ਰਹੀ ਹੈ। ਹਰ ਸਾਲ ਕੰਪਨੀਆਂ ਪੰਜਾਬ ਦੇ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾ ਰਹੇ ਹਨ ਤੇ ਵੋਕੇਸ਼ਨਲ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੇ ਹਨ।