ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਸਤੰਬਰ
ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ’ਚ ਵਿਦਿਆਰਥੀਆਂ ਦਾ ਚੱਲ ਰਿਹਾ ਸੰਘਰਸ਼ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਵਾਈਸ ਚਾਂਸਲਰ ਨੂੰ ਹਟਾਉਣ ਦੇ ਮੁੱਦੇ ’ਤੇ ਅੱਜ ਵਿਦਿਆਰਥੀਆਂ ਨੇ ਰੋਸ ਮਾਰਚ ਕਰਦਿਆਂ ਪ੍ਰਬੰਧਕੀ ਬਲਾਕ ਸਾਹਮਣੇ ਧਰਨਾ ਲਗਾ ਦਿੱਤਾ ਜਿੱਥੇ ਡੀਨ ਅਕਾਦਮਿਕ ਮਾਮਲੇ ਨੇ ਆ ਕੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਯੂਨੀਵਰਸਿਟੀ ਦਾ ਮਾਹੌਲ ਖ਼ਰਾਬ ਕਰ ਰਹੇ ਹਨ, ਜਿਸ ਲਈ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ, ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸਾਰੇ ਮਾਮਲੇ ਦੀ ਜਾਂਚ ਕਰਨ ਦੇ ਦਿੱਤੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਕੰਮ ਨਹੀਂ ਕੀਤਾ। ਅੱਜ ਵੀ ਮੀਡੀਆ ਨੂੰ ਯੂਨੀਵਰਸਿਟੀ ਅੰਦਰ ਜਾਣ ਤੋਂ ਰੋਕਿਆ ਗਿਆ।
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜਦੋਂ ਉਹ ਰੋਸ ਮਾਰਚ ਕਰ ਕੇ ਪ੍ਰਬੰਧਕੀ ਬਲਾਕ ਕੋਲ ਪੁੱਜੇ ਤਾਂ ਉੱਥੇ ਅਧਿਕਾਰੀਆਂ ਸਣੇ ਡੀਨ ਅਕਾਦਮਿਕ ਮਾਮਲੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਵਿਦਿਆਰਥੀ ਯੂਨੀਵਰਸਿਟੀ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਹਮੋ-ਸਾਹਮਣੇ ਬੈਠ ਕੇ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਡੀਨ ਨੂੰ ਕਿਹਾ ਕਿ ਉਹ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਤਿਆਰ ਹਨ ਪਰ ਉਨ੍ਹਾਂ ਦੀ ਇੱਕੋ ਮੰਗ ਹੈ ਕਿ ਵਾਈਸ ਚਾਂਸਲਰ ਨੂੰ ਯੂਨੀਵਰਸਿਟੀ ’ਚੋਂ ਬਾਹਰ ਕੀਤਾ ਜਾਵੇ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਇਸ ਮਗਰੋਂ ਡੀਨ ਅਕਾਦਮਿਕ ਮਾਮਲੇ ਨੇ ਵਿਦਿਆਰਥੀਆਂ ਨੂੰ ਕਥਿਤ ਧਮਕੀਆਂ ਦਿੱਤੀਆਂ ਤੇ ਕਿਹਾ ਕਿ ਜੇ ਉਹ ’ਵਰਸਿਟੀ ਦਾ ਮਾਹੌਲ ਇਸੇ ਤਰ੍ਹਾਂ ਖ਼ਰਾਬ ਕਰਨਗੇ ਤਾਂ ਯੂਨੀਵਰਸਿਟੀ ’ਚ ਪੁਲੀਸ ਆਵੇਗੀ ਤੇ ਉਨ੍ਹਾਂ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਇੱਕ ਤੱਥ ਖੋਜ ਕਮੇਟੀ ਬਣਾਈ ਜਾਵੇ, ਉਹ ਰਿਪੋਰਟ ਪੇਸ਼ ਕਰੇ ਜੇ ਉਹ ਵਾਈਸ ਚਾਂਸਲਰ ਨੂੰ ਨਿਰਦੋਸ਼ ਕਰਾਰ ਦੇ ਦਿੰਦੀ ਹੈ ਤਾਂ ਉਹ ਆਪਣਾ ਸੰਘਰਸ਼ ਵਾਪਸ ਲੈ ਲੈਣਗੇ।
ਦੂਜੇ ਪਾਸੇ, ਪਟਿਆਲਾ ਦੇ ਡੀਸੀ ਪ੍ਰੀਤੀ ਯਾਦਵ ਨੇ ਕਿਹਾ ਕਿ ਲਾਅ ਯੂਨੀਵਰਸਿਟੀ ਏਡੀਸੀ ਜਨਰਲ ਦੇਖ ਰਹੇ ਹਨ। ਡੀਸੀ ਨੇ ਕਿਹਾ ਉਨ੍ਹਾਂ ਨੂੰ ਪਤਾ ਨਹੀਂ ਕਿ ਮਨੁੱਖੀ ਅਧਿਕਾਰੀ ਕਮਿਸ਼ਨ ਵੱਲੋਂ ਖੋਜ ਕਰਨ ਲਈ ਉਨ੍ਹਾਂ ਕੋਲ ਕੋਈ ਪੱਤਰ ਆਇਆ ਹੈ।