ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 11 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂਆਂ ਦਾ ਵਫ਼ਦ ਅੱਜ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ’ਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਸਥਾਨਕ ਰਿਹਾਇਸ਼ ’ਤੇ ਮਿਲਿਆ ਅਤੇ ਬੰਦ ਕਮਰਾ ਮੀਟਿੰਗ ਕੀਤੀ। ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਜਿਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਗਗਨਦੀਪ ਸਿੰਘ ਬਰਨਾਲਾ, ਕਰਨੈਲ ਸਿੰਘ ਪੰਜੌਲੀ ਅਤੇ ਅਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਸਨ, ਨੇ ਸਿੰਘ ਸਾਹਿਬ ਨਾਲ ਸਵਾ ਘੰਟੇ ਦੇ ਕਰੀਬ ਬੰਦ ਕਮਰਾ ਮੀਟਿੰਗ ਕੀਤੀ ਪਰ ਹਾਲੇ ਤੱਕ ਇਹ ਪਤਾ ਨਹੀਂ ਲੱਗਿਆ ਕਿ ਵਿਚਾਰ ਚਰਚਾ ਕਿਸ ਮਸਲੇ ’ਤੇ ਹੋਈ। ਮੀਟਿੰਗ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨੂੰ ਮੀਟਿੰਗ ’ਚ ਹੋਈ ਗੱਲਬਾਤ ਦੱਸਣ ਤੋਂ ਟਾਲ-ਮਟੋਲ ਕਰਦਿਆਂ ਸਿਰਫ ਇਹੀ ਕਿਹਾ ਕਿ ਉਨ੍ਹਾਂ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਇਹ ਮੁਲਾਕਾਤ ਸਿਰਫ ਰਸਮੀ ਸੀ।