ਰਮੇਸ਼ ਭਾਰਦਵਾਜ
ਲਹਿਰਾਗਾਗਾ,8 ਫਰਵਰੀ
ਇਥੇ ਰਿਲਾਇੰਸ ਪੰਪ ਅੱਗੇ ਪ੍ਰਧਾਨ ਮੰਤਰੀ ਅਤੇ ਕਾਰਪੋਰੇਟ ਸਾਥੀਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਾਇਆ ਧਰਨਾ ਅੱਜ 131ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਧਰਨਾਕਾਰੀਆਂ ਨੇ ਨਾਅਰੇਬਾਜ਼ੀ ਕਰਕੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਜਲਦ ਰਿਹਾ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਨੇ ਮਜ਼ਦੂਰ ਕਾਰਕੁੰਨ ਨੌਦੀਪ ਕੌਰ ਗੰਧੜ ਨੂੰ ਹਰਿਆਣਾ ਪੁਲੀਸ ਵੱਲੋਂ ਝੂਠੇ ਕੇਸ ਦਰਜ ਕਰਕੇ ਗਿ੍ਫ਼ਤਾਰ ਕਰਨ ਅਤੇ ਹਿਰਾਸਤ ਵਿਚ ਉਸ ਉਪਰ ਜਿਨਸੀ ਤਸ਼ੱਦਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਦੀ ਇਹ ਗੈਰ-ਕਾਨੂੰਨੀ ਕਾਰਵਾਈ ਨਾਗਰਿਕਾਂ ਦੇ ਆਪਣੇ ਹੱਕਾਂ ਅਤੇ ਹਿਤਾਂ ਲਈ ਜਥੇਬੰਦ ਹੋਣ ਅਤੇ ਪੂਰਅਮਨ ਤਰੀਕੇ ਨਾਲ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉਪਰ ਹਮਲਾ ਹੈ। ਉਨ੍ਹਾਂ ਕਿਹਾ ਕਿ ਨੌਦੀਪ ਕੌਰ ਨੇ ਚਲ ਰਹੇ ਸਰਬ ਵਿਆਪੀ ਸੰਘਰਸ਼ ਦੀ ਹਮਾਇਤ ’ਚ ਵੱਡੀ ਤਦਾਦ ਵਿੱਚ ਮਜ਼ਦੂਰਾਂ ਨੂੰ ਲਾਮਬੰਦ ਕਰਕੇ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖਿਲਾਫ਼ ਮੈਦਾਨ ਵਿੱਚ ਡਟਣ ਲਈ ਲਲਕਾਰ ਮਾਰੀ ਹੈ ਅਤੇ ਲੋਕ ਹਿਤਾਂ ਅਤੇ ਸਮਾਜਿਕ ਸਰੋਕਾਰਾਂ ਨਾਲ ਡੂੰਘੀ ਵਚਨਬੱਧਤਾ ਵਿਖਾਈ ਹੈ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਿੰਕੂ ਮੂਣਕ, ਜਗਦੀਪ ਸਿੰਘ ਲਹਿਲ ਖੁਰਦ, ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖੁਰਦ ਪਿੰਡ, ਬਲਵਿੰਦਰ ਸਿੰਘ ਮਨਿਆਣਾ, ਜਸ਼ਨਦੀਪ ਕੋਰ ਪਸੋਰ, ਸਰਬਜੀਤ ਕੌਰ ਲਹਿਲ ਕਲਾ ਆਦਿ ਨੇ ਵੀ ਸੰਬੋਧਨ ਕੀਤਾ।