ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਈ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪੇ, ਜਿਨ੍ਹਾਂ ਰਾਹੀਂ ਲੋਕ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਤੁਰੰਤ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ। ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਇਹ ਮੰਗ ਪੱਤਰ ਆਪੋ-ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੰਗ ਪੱਤਰਾਂ ਰਾਹੀਂ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਲਵਾਈ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਸਖਤ ਤਾੜਨਾ ਕਰਦਿਆਂ ਬਿਜਲੀ ਸੰਕਟ ਦਾ ਤੁਰੰਤ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ।
ਉਨ੍ਹਾਂ ਦੱਸਿਆ ਕਿ ਕਣਕ ਦੇ ਘਟੇ ਝਾੜ ਨੂੰ ਹਾਲੇ ਤੱਕ ਪੰਜਾਬ ਸਰਕਾਰ ਨੇ ਕੁਦਰਤੀ ਆਫ਼ਤ ਨਹੀਂ ਐਲਾਨਿਆ ਹੈ ਅਤੇ ਨਾ ਹੀ ਮੁਆਵਜ਼ੇ ਦਾ ਕੇਸ ਬਣਾ ਕੇ ਕੇਂਦਰ ਸਰਕਾਰ ਕੋਲ ਭੇਜਿਆ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਪੀੜਤ ਕਿਸਾਨਾਂ ਨੂੰ ਤੁਰੰਤ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗ੍ਰਹਿ ਮੰਤਰੀ ਤੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਉਪਰ ਰਿਪੋਰਟ ਤਲਬ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਦੇਖਦਿਆਂ ਸੂਬਾ ਸਰਕਾਰ ਤੋਂ ਤੁਰੰਤ ਟੈਕਸਾਂ ਵਿੱਚ ਕਟੌਤੀ ਕਰਨ ਦੀ ਮੰਗ ਕੀਤੀ। ਡਾ. ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਲੋਕ ਮਸਲੇ ਹੱਲ ਨਾ ਕੀਤੇ ਤਾਂ ਪਾਰਟੀ ਅਗਲੀ ਰਣਨੀਤੀ ਉਲੀਕੇਗੀ।