ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਹਰ ਤਿਆਗ ਕਰਨ ਲਈ ਤਿਆਰ ਹਨ। ਪਾਰਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਨ ਅਕਾਲ ਤਖਤ ਸਾਹਿਬ ਦੇ ਸਨਮੁੱਖ ਅਰਦਾਸ ਕਰਕੇ ਖਾਲਸਾ ਪੰਥ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤਾ ਗਿਆ ਸੀ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਡਾ. ਰਤਨ ਸਿੰਘ ਅਜਨਾਲਾ ਰਵੀਇੰਦਰ ਸਿੰਘ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ ਆਦਿ ਟਕਸਾਲੀ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਕਰ ਕੇ ਟਕਸਾਲੀ ਸੋਚ ਨੂੰ ਇਕੱਠਿਆਂ ਕਰਨ ਦੇ ਚਾਹਵਾਨ ਰਹੇ ਹਨ।