ਮਹਿੰਦਰ ਸਿੰਘ ਰੱਤੀਆਂ
ਮੋਗਾ, 1 ਜੁਲਾਈ
ਪੂਰੀ ਦੁਨੀਆਂ ਅੱਜ ਜਿੱਥੇ ਕੋਵਿਡ-19 ਮਹਾਮਾਰੀ ਨਾਲ ਜੂਝ ਰਹੀ ਹੈ, ਉੱਥੇ ਪੰਜਾਬ ਸਣੇ ਉੱਤਰੀ ਭਾਰਤ ਦੇ ਸੂਬਿਆਂ ਦੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਟਿੱਡੀ ਦਲ ਨੇ ਨੀਂਦ ਉਡਾ ਦਿੱਤੀ ਹੈ। ਸਰਕਾਰ ਵੱਲੋਂ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਸੂਬੇ ’ਚ ਮੁੜ ਅਲਰਟ ਜਾਰੀ ਕਰ ਕੇ ਡਿਪਟੀ ਕਮਿਸ਼ਨਰਾਂ ਤੋਂ ਪਲ-ਪਲ ਦੀ ਜਾਣਕਾਰੀ ਲਈ ਜਾ ਰਹੀ ਹੈ। ਟਿੱਡੀ ਦਲ ਦੇ ਸੰਭਾਵਿਤ ਹਮਲੇ ਦੀਆਂ ਖ਼ਬਰਾਂ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ।
ਵਧੀਕ ਮੁੱਖ ਸਕੱਤਰ ਵਿਕਾਸ ਅਨੁਰਿਧ ਤਿਵਾੜੀ ਨੇ ਖੇਤੀ ਅਧਿਕਾਰੀਆਂ ਨੂੰ ਮੌਕ ਡਰਿੱਲ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਖੇਤੀ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ ਦੀ
ਰਾਜਸਥਾਨ ਦੀ ਸਰਹੱਦ ਦੇ ਨਾਲ ਲੱਗਦੇ ਹਿੱਸੇ ਅਤੇ ਹਰਿਆਣਾ ਦੇ ਕੁੱਝ ਪਿੰਡਾਂ ਵਿਚ ਟਿੱਡੀ ਦਲ ਦੇ ਹਮਲੇ ਕਾਰਨ ਪੰਜਾਬ ਵਿੱਚ ਵੀ ਹਮਲੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਟਿੱਡੀਆਂ ਸੈਂਕੜੇ ਮੀਲਾਂ ਦੀ ਦੂਰੀ ਤੈਅ ਕਰ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਬਾਬਾ ਗੁਰਮੀਤ ਸਿੰਘ ਖੋਸਾ ਵਾਲਿਆਂ ਨੇ ‘ਰੇਨ ਗੰਨ’ ਫਿਟ ਕੀਤੀਆਂ ਤਿੰਨ ਗੱਡੀਆਂ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਟਿੱਡੀ ਦਲ ਦਾ ਹਮਲਾ ਦਿਖਾਈ ਦੇਣ ’ਤੇ ਇਸ ਦੀ ਜਾਣਕਾਰੀ ਖੇਤੀਬਾੜੀ ਮਾਹਿਰਾਂ ਨੂੰ ਦੇਣ ਲਈ ਕਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਤੇ ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ, ਡਾ. ਕੁਲਦੀਪ ਸਿੰਘ ਬੁੱਟਰ ਨੇ ਕਿਹਾ ਕਿ ਸਮੁੱਚੇ ਵਿਭਾਗੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਅਲਰਟ ਰਹਿਣ ਲਈ ਆਖਿਆ ਹੈ। ਉਨ੍ਹਾਂ ਬਠਿੰਡਾ ਜ਼ਿਲ੍ਹੇ ਵਿੱਚ ਟਿੱਡੀ ਦਲ ਦੇ ਕੁੱਝ ਹਾਪਰ ਜਾਂ ਛੋਟੇ ਸਮੂਹ ਬੈਠਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।