ਪੱਤਰ ਪ੍ਰੇਰਕ
ਰੂਪਨਗਰ, 8 ਨਵੰਬਰ
ਆਈਈਟੀ ਭੱਦਲ ਟੈਕਨੀਕਲ ਕੈਂਪਸ ਵਿੱਚ ਖੇਤੀਬਾੜੀ ਵਿਭਾਗ ਰੂਪਨਗਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਤੇ ਨਾਟਕ ਮੇਲਾ ਕਰਵਾਇਆ ਗਿਆ। ਇਸ ਦੌਰਾਨ ਰਛਪਾਲ ਬੱਲੂ ਦੀ ਨਿਰਦੇਸ਼ਨਾ ਹੇਠ ਨਾਟਕ ‘ਮੱਚਦਾ ਪੰਜਾਬ’ ਖੇਡਿਆ ਗਿਆ, ਜਿਸ ਰਾਹੀਂ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਕਲਾਕਾਰਾਂ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਪੰਕਜ ਸਿੰਘ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਦੇ ਵਾਤਾਵਰਨ ਇੰਜਨੀਅਰ ਬੀਰਦਵਿੰਦਰ ਸਿੰਘ ਤੋਂ ਇਲਾਵਾ ਆਈਈਟੀ ਭੱਦਲ ਦੇ ਚੇਅਰਮੈਨ ਤਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ। ਇਸ ਮੌਕੇ ਸੰਸਥਾ ਦੇ ਰਜਿਸਟਰਾਰ-ਕਮ-ਡਾਇਰੈਕਟਰ ਡਾ. ਐੱਸਐੱਸ ਬਿੰਦਰਾ ਨੇ ਕਲਾਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਨਾਟਕ ਹੋਰਨਾਂ ਲੋਕਾਂ ਲਈ ਵੀ ਪ੍ਰਰੇਨਾ ਸ੍ਰੋਤ ਬਣਦੇ ਹਨ ਅਤੇ ਅਜਿਹੇ ਨਾਟਕਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਲੋੜ ਹੈ।