ਲੁਧਿਆਣਾ: ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਦੁੱਗਰੀ ਨੇੜੇ ਫਲਾਵਰ ਐਨਕਲੇਵ ਸਥਿਤ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵਿਚਾਰਾਂ ਕੀਤੀਆਂ। ਸ੍ਰੀ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਣੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਵਾਅਦਾ ਕੀਤਾ ਸੀ, ਪਰ ਉਸ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਐੱਸਵਾਈਐੱਲ ਨਹਿਰ ਮਾਮਲੇ ਵਿੱਚ ਪੰਜਾਬ ਦੇ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੇ ਹੱਕ ਵਿੱਚ ਹੈ, ਪਰ ਅਕਾਲੀ ਦਲ ਅਜਿਹਾ ਕਦੇ ਨਹੀਂ ਹੋਣ ਦੇਵੇਗਾ। -ਨਿੱਜੀ ਪੱਤਰ ਪ੍ਰੇਰਕ