ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 16 ਜਨਵਰੀ
ਚੜ੍ਹਦੇ ਪੰਜਾਬ ਦੀ ਇਕਲੌਤੀ ਮੁਸਲਿਮ ਰਿਆਸਤ ਮਾਲੇਰਕੋਟਲਾ ਦੇ ਆਖ਼ਰੀ ਨਵਾਬ ਮਰਹੂਮ ਨਵਾਬ ਇਫ਼ਤਖ਼ਾਰ ਅਲੀ ਖਾਂ ਦੀ ਬੇਗ਼ਮ ਮੁਨੱਵਰ ਉਲ ਨਿਸ਼ਾ ਨੇ ਆਪਣੀ ਸਥਾਨਕ ਰਿਹਾਇਸ਼ ਮੁਬਾਰਕ ਮੰਜ਼ਲ ਵਿੱਚ ਗੱਲਬਾਤ ਕਰਦਿਆਂ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਤੇ ਹੋਰ ਤਬਕਿਆਂ ਲਈ ਮਾਰੂ ਕਰਾਰ ਦਿੰਦਿਆਂ ਇਨ੍ਹਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਬੇਗ਼ਮ ਨੇ ਮਾਲੇਰਕੋਟਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਮਾਲੇਰਕੋਟਲਾ ਰਿਆਸਤ ਦੇ ਤਤਕਾਲੀ ਨਵਾਬ ਮਰਹੂਮ ਸ਼ੇਰ ਮੁਹੰਮਦ ਖਾਂ ਨੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ’ਤੇ ਜ਼ੁਲਮਾਂ ਖ਼ਿਲਾਫ਼ ਹਾਅ ਦਾ ਨਾਅਰਾ ਮਾਰਿਆ ਸੀ, ਉਸੇ ਤਰ੍ਹਾਂ ਹੁਣ ਮਾਲੇਰਕੋਟਲਾ ਵਾਸੀ ਦਿੱਲੀ ਬੈਠੇ ਸਾਰੇ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਅਤੇ ਉਸ ਸੰਘਰਸ਼ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਧੱਕੇਸ਼ਾਹੀ ਤੇ ਬੇਇਨਸਾਫ਼ੀ ਦਾ ਇਤਿਹਾਸ ਦੁਹਰਾਇਆ ਜਾ ਰਿਹਾ ਹੈ। ਉਦੋਂ ਵੀ ਪੋਹ ਦਾ ਮਹੀਨਾ ਸੀ ਤੇ ਹੁਣ ਵੀ ਕਿਸਾਨ ਪੋਹ -ਮਾਘ ਦੀਆਂ ਠੰਢੀਆਂ ਰਾਤਾਂ ’ਚ ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਨਾਲ ਦਿੱਲੀ ਦੀਆਂ ਸੜਕਾਂ ਉਤੇ ਰੁਲ ਰਹੇ ਹਨ। ਉਨ੍ਹਾਂ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਬੇਗ਼ਮ ਨਿਸ਼ਾ ਨੇ ਕਿਹਾ ਕਿ ਉਹ ਖ਼ੁਦ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ ਪਰ ਉਮਰ ਦੇ ਤਕਾਜ਼ੇ ਤੇ ਵਿਗੜੀ ਸਿਹਤ ਦੇ ਮੱਦੇਨਜ਼ਰ ਡਾਕਟਰਾਂ ਨੇ ਉਨ੍ਹਾਂ ਨੂੰ ਸਫ਼ਰ ਤੋਂ ਗੁਰੇਜ਼ ਕਰਨ ਦੀ ਤਾਕੀਦ ਕੀਤੀ ਹੈ। ਇਸ ਮੌਕੇ ਬੇਗ਼ਮ ਦੇ ਪੀਏ ਮਹਿਮੂਦ ਵੀ ਮੌਜੂਦ ਸਨ।