ਆਤਿਸ਼ ਗੁਪਤਾ
ਚੰਡੀਗੜ੍ਹ, 17 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖ਼ਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੰਮ੍ਰਿਤਸਰ ਅਤੇ ਤਰਨਤਾਰਨ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਬਠਿੰਡਾ ਅਤੇ ਮਾਨਸਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਲੁਧਿਆਣਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਤੇ ਪਠਾਨਕੋਟ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਮਾਲ ਮੰਤਰੀ ਬ੍ਰਮ ਸ਼ੰਕਰ ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਫ਼ਤਹਿਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਜਲੰਧਰ ਅਤੇ ਰੱਖਿਆ ਸੇਵਾਵਾਂ ਮੰਤਰੀ ਫ਼ੌਜਾ ਸਿੰਘ ਫ਼ਰੀਦਕੋਟ ਤੇ ਫ਼ਾਜ਼ਿਲਕਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮਾਲੇਰ ਕੋਟਲਾ ਤੇ ਬਰਨਾਲਾ, ਜਦਕਿ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ।