ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਈ
ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਲੀਹ ਤੋਂ ਲੱਥਣ ਦੇ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਵਫ਼ਦ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਪੰਜਾਬ ਦੀ ਵਿਗੜ ਚੁੱਕੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚਰਚਾ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅਸ਼ਵਨੀ ਸ਼ਰਮਾ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ ਅਤਿਵਾਦੀਆਂ ਅਤੇ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਆਏ ਲੋਕਾਂ ਦੀ ਸੁਰੱਖਿਆ ਹਟਾ ਕੇ ਅਜਿਹੀਆਂ ਅਪਰਾਧਿਕ ਘਟਨਾਵਾਂ ਵਾਪਰਨ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।