ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ , 16 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਚਮਕੌਰ ਸਾਹਿਬ ਤੋਂ ਇੰਚਾਰਜ ਕਰਨ ਸਿੰਘ ਡੀਟੀਓ ਨੇ ਇੱਥੇ ਪੰਜਾਬ ਰਾਜ ਪੈਨਸ਼ਨਰ ਮਹਾਸੰਘ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਮੁਸ਼ਕਿਲਾਂ ਵੀ ਸੁਣੀਆਂ। ਸੰਘ ਦੇ ਪ੍ਰਧਾਨ ਲੈਕਚਰਾਰ ਧਰਮ ਪਾਲ ਸੋਖਲ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦੇ ਕੇ ਅਕਾਲੀ ਉਮੀਦਵਾਰ ਨੂੰ ਮੰਗਾਂ ਬਾਰੇ ਜਾਣੂ ਕਰਵਾਇਆ ਅਤੇ ਚੰਦੂਮਾਜਰਾ ਦੀ ਹਮਾਇਤ ਦਾ ਐਲਾਨ ਕੀਤਾ। ਸ੍ਰੀ ਚੰਦੂਮਾਜਰਾ ਨੇ ‘ਆਪ’ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਾਉਣ ਲਈ ਚੋਣਾਂ ਤੋਂ ਪਹਿਲਾਂ ਸੂਬੇ ਦੇ ਮੁਲਾਜ਼ਮਾਂ ਨੂੰ ਝੂਠ ਬੋਲ ਕੇ ਗੁੰਮਰਾਹ ਕੀਤਾ।
ਉਨ੍ਹਾਂ ਸੂਬਾ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ‘ਆਪ’ ਮੁਲਾਜ਼ਮਾਂ ਦੀਆਂ ਆਰਥਿਕ ਮੰਗਾਂ ਪੂਰੀਆਂ ਕਰਨ ਵਿੱਚ ਪੂਰੀ ਤਰ੍ਹਾਂ ਅਸਮਰੱਥ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਸੂਬੇ ਦੇ ਮੁਲਾਜ਼ਮ ‘ਆਪ’ ਸਰਕਾਰ ਨੂੰ ਸਬਕ ਜ਼ਰੂਰ ਸਿਖਾਉਣਗੇ, ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਗਈਆਂ ਸਨ ਪਰ ਅੱਜ ਮੁੱਖ ਮੰਤਰੀ ਮਾਨ ਆਪਣੀਆਂ ਹੀ ਦਿੱਤੀਆਂ ਗਾਰੰਟੀਆਂ ਤੋਂ ਪਿੱਛੇ ਹਟ ਰਹੇ ਹਨ। ਉਨ੍ਹਾਂ ਪੈਨਸ਼ਨਰਜ਼ਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸੰਸਦ ਵਿੱਚ ਉਠਾਉਣਗੇ।