ਜੋਗਿੰਦਰ ਸਿੰਘ ਮਾਨ
ਮਾਨਸਾ, 15 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 10 ਦਸੰਬਰ ਨੂੰ ਮਾਨਸਾ ’ਚ ਹੋਈ ਰੈਲੀ ਦੌਰਾਨ ਇੱਕ ਡੀਐੱਸਪੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ’ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਉੱਠੇ ਵਿਰੋਧ ਮਗਰੋਂ ਪੰਜਾਬ ਸਰਕਾਰ ਨੇ ਜੋ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ, ਉਸ ਦੀ ਸੁਣਵਾਈ ਅੱਜ ਇਥੇ ਬੱਚਤ ਭਵਨ ਮਾਨਸਾ ਵਿੱਚ ਸ਼ੁਰੂ ਹੋਈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਸਾਹਮਣੇ ਅੱਜ ਆਗੂਆਂ ਨੇ ਕਿਹਾ ਕਿ ਡੀਐੱਸਪੀ ਵੱਲੋ ਕੀਤੇ ਗਏ ਅਣਮਨੁੱਖੀ ਤਸ਼ੱਦਦ ਕਾਰਨ ਉਹ ਡੂੰਘੇ ਸਦਮੇ ਵਿੱਚ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਡੀਐੱਸਪੀ ਨੂੰ ਬਰਖ਼ਾਸਤ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 16 ਦਸੰਬਰ ਤੋਂ ਡੀਸੀ ਦਫ਼ਤਰ ਮਾਨਸਾ ਅੱਗੇ ਦਿੱਤੇ ਜਾ ਰਹੇ ਧਰਨੇ ਨਾਲ ਅੰਦੋਲਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੌਕੇ ਏਡੀਸੀ ਅਨਮੋਲ ਸਿੰਘ ਧਾਲੀਵਾਲ ਨੇ ਸਮੁੱਚੀ ਕਾਰਵਾਈ ਕਰਕੇ ਸਮਾਂਬੱਧ ਢੰਗ ਨਾਲ ਸਰਕਾਰ ਨੂੰ ਸਾਰੀ ਘਟਨਾ ਬਾਰੇ ਰਿਪੋਰਟ ਸੌਂਪਣ ਦਾ ਭਰੋਸਾ ਦਿੱਤਾ।