* ਕਈ ਮੌਜੂਦਾ ਆਗੂ ਵੀ ਰਹਿ ਚੁੱਕੇ ਨੇ ਸਰਪੰਚ
ਚਰਨਜੀਤ ਭੁੱਲਰ
ਚੰਡੀਗੜ੍ਹ, 3 ਅਕਤੂਬਰ
ਕੋਈ ਜ਼ਮਾਨਾ ਸੀ, ਜਦੋਂ ਸਿਖਰਲੀ ਸਿਆਸਤ ਦਾ ਰਾਹ ‘ਵਾਇਆ ਸਰਪੰਚੀ’ ਖੁੱਲ੍ਹਦਾ ਸੀ। ਸਿਆਸਤ ਦੀ ਇਸ ਪਹਿਲੀ ਪੌੜੀ ’ਤੇ ਪੈਰ ਧਰ ਕੇ ਹੀ ਪੰਜਾਬ ’ਚ ਕਈ ਆਗੂ ਮੁੱਖ ਮੰਤਰੀ ਬਣੇ ਅਤੇ ਸਰਪੰਚੀ ਦੇ ਸਫ਼ਰ ਮਗਰੋਂ ਬਹੁਤੇ ਵਜ਼ੀਰ ਵੀ ਬਣੇ। ਸਿਆਸਤ ਦਾ ਹੁਣ ਮੁਹਾਂਦਰਾ ਬਦਲਿਆ ਹੈ, ਜਿਸ ’ਚ ਜ਼ਮੀਨ ਤੋਂ ਉੱਠੇ ਆਗੂ ਰਾਹਾਂ ’ਚ ਹੀ ਗੁਆਚ ਜਾਂਦੇ ਹਨ। ਪੰਚਾਇਤ ਚੋਣਾਂ ਦਾ ਹੁਣ ਘੜਮੱਸ ਪੈ ਰਿਹਾ ਹੈ, ਜਦਕਿ ਇਨ੍ਹਾਂ ਚੋਣਾਂ ਨੇ ਭਲੇ ਵੇਲਿਆਂ ਵਿਚ ਪੰਜਾਬ ਨੂੰ ਸਿਰਕੱਢ ਨੇਤਾ ਦਿੱਤੇ ਸਨ।
ਉਤਾਂਹ ਤੋਂ ਨਜ਼ਰ ਮਾਰੀਏ ਤਾਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਿਆਸੀ ਸਫ਼ਰ ਪਿੰਡ ਬਾਦਲ ਦੀ ਸਰਪੰਚੀ ਤੋਂ ਸ਼ੁਰੂ ਕੀਤਾ ਸੀ। ਉਹ ਸਰਬਸੰਮਤੀ ਨਾਲ ਸਰਪੰਚ ਬਣੇ ਸਨ ਅਤੇ ਮੁੜ ਕਦੇ ਪਿਛਾਂਹ ਨਹੀਂ ਦੇਖਿਆ। ਉਨ੍ਹਾਂ ਦੀ ਕਾਮਯਾਬੀ ’ਚ ਕਿਤੇ ਨਾ ਕਿਤੇ ਸਰਪੰਚੀ ਦਾ ਯੋਗਦਾਨ ਵੀ ਰਿਹਾ। ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਨੇ ਵੀ ਪਿੰਡ ਦੀ ਸਰਪੰਚੀ ਚੋਂ ਸਿਆਸਤ ਵਿਚ ਪੈਰ ਰੱਖਿਆ ਸੀ। ਬਾਅਦ ਵਿਚ ਉਨ੍ਹਾਂ ਦਾ ਲੜਕਾ ਅਤੇ ਪੋਤਰਾ ਵੀ ਸਰਪੰਚ ਬਣੇ। ਕੇਂਦਰੀ ਵਜ਼ਾਰਤ ਤੱਕ ਪੁੱਜੇ ਸੁਖਦੇਵ ਸਿੰਘ ਢੀਂਡਸਾ ਨੇ ਜਿਵੇਂ ਹੀ ਕਾਲਜ ਦੀ ਪੜ੍ਹਾਈ ਪੂਰੀ ਕੀਤੀ ਤਾਂ ਉਨ੍ਹਾਂ ਨੂੰ ਜੱਦੀ ਪਿੰਡ ਉਭਾਵਾਲ ਦੇ ਲੋਕਾਂ ਨੇ ਸਰਪੰਚ ਬਣਾ ਦਿੱਤਾ ਸੀ ਅਤੇ ਮਗਰੋਂ ਉਹ ਬਲਾਕ ਸਮਿਤੀ ਮੈਂਬਰ ਵੀ ਰਹੇ। ਰਾਜ ਸਭਾ ਮੈਂਬਰ ਅਤੇ ਕੈਬਨਿਟ ਵਜ਼ੀਰ ਰਹੇ ਬਲਵਿੰਦਰ ਸਿੰਘ ਭੂੰਦੜ, ਜੋ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਵੀ ਹਨ, ਆਪਣੇ ਪਿੰਡ ਭੂੰਦੜ ਦੇ 1964 ਤੋਂ 1972 ਤੱਕ ਸਰਪੰਚ ਰਹੇ।
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ, ਜੋ ਪੰਚਾਇਤ ਮੰਤਰੀ ਵੀ ਰਹੇ ਸਨ, ਨੇ ਵੀ ਆਪਣਾ ਸਿਆਸੀ ਸਫ਼ਰ ਪਿੰਡ ਧਾਰੋਵਾਲੀ ਦੀ ਸਰਪੰਚੀ ਤੋਂ ਸ਼ੁਰੂ ਕੀਤਾ ਸੀ। ਸੰਤੋਖ ਸਿੰਘ ਰੰਧਾਵਾ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਸਰਪੰਚ ਬਣੇ ਸਨ ਅਤੇ ਉਨ੍ਹਾਂ ਨੇ ਪੰਚਾਇਤ ਮੰਤਰੀ ਰਹਿੰਦਿਆਂ ਪੰਚਾਇਤੀ ਰਾਜ ਐਕਟ ਬਣਾਉਣ ਵਿਚ ਯੋਗਦਾਨ ਪਾਇਆ ਸੀ।
ਮੌਜੂਦਾ ‘ਆਪ’ ਸਰਕਾਰ ਦੀ ਗੱਲ ਕਰੀਏ ਤਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਸਿਆਸੀ ਸਫ਼ਰ ਪਿੰਡ ਸੰਧਵਾਂ ਦੀ ਸਰਪੰਚੀ ਤੋਂ ਸ਼ੁਰੂ ਕੀਤਾ। ਉਹ 2003-08 ਦੌਰਾਨ ਪਿੰਡ ਦੇ ਸਰਪੰਚ ਰਹੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਆਪਣੇ ਜੱਦੀ ਪਿੰਡ ਜਗਦੇਵ ਕਲਾਂ ਦੇ ਸਰਪੰਚ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਅਸਲ ਵਿਚ ਸਰਪੰਚੀ ਸਿਆਸਤ ਦੀ ਨਰਸਰੀ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਆਪਣੇ ਜੱਦੀ ਪਿੰਡ ਕਟਾਰੂਚੱਕ ਦੇ ਸਰਪੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੀ ਸਿਆਸਤ ਦੀ ਪੌੜੀ ਸਰਪੰਚੀ ਦੇ ਡੰਡੇ ਤੋਂ ਚੜ੍ਹੇ ਹਨ। ਪਹਿਲਾਂ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਵਡਾਲਾ ਵੀ ਪਿੰਡ ਦੇ ਸਰਪੰਚ ਰਹੇ। ਵਿਧਾਇਕ ਰਹੇ ਇਕਬਾਲ ਸਿੰਘ ਝੂੰਦਾਂ ਆਪਣੇ ਪਿੰਡ ਦੇ ਤਿੰਨ ਵਾਰ ਸਰਪੰਚ ਰਹੇ ਜਦੋਂ ਕਿ ਦੋ ਵਾਰ ਅਕਾਲੀ ਵਿਧਾਇਕ ਰਹੇ ਲਖਵੀਰ ਸਿੰਘ ਲੋਧੀਨੰਗਲ ਛੇ ਵਾਰ ਸਰਪੰਚ ਰਹੇ ਹਨ।
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਪਿੰਡ ਮਲੂਕਾ ਦੇ ਸਰਪੰਚ ਰਹੇ ਸਨ। ਜਗਦੇਵ ਸਿੰਘ ਤਲਵੰਡੀ ਵੀ ਆਪਣੇ ਪਿੰਡ ਦੇ ਦਸ ਸਾਲ ਸਰਪੰਚ ਰਹੇ ਸਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਰਹੇ ਹਰਚਰਨ ਸਿੰਘ ਹੀਰੋ, ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹੇ ਸਨ, ਨੇ ਵੀ ਆਪਣਾ ਸਫ਼ਰ ਸਰਪੰਚੀ ਤੋਂ ਸ਼ੁਰੂ ਕੀਤਾ ਸੀ।
ਪੰਚਾਇਤ ਮੰਤਰੀ ਰਹੇ ਬਲਦੇਵ ਸਿੰਘ ਖਿਆਲਾ ਵੀ ਆਪਣੇ ਪਿੰਡ ਖਿਆਲਾ (ਜ਼ਿਲ੍ਹਾ ਮਾਨਸਾ) ਦੇ ਸਰਪੰਚ ਰਹੇ ਸਨ ਅਤੇ ਮਾਨਸਾ ਜ਼ਿਲ੍ਹੇ ਦੇ ਹੀ ਕਾਂਗਰਸ ਸਰਕਾਰ ’ਚ ਵਜ਼ੀਰ ਰਹੇ ਸ਼ੇਰ ਸਿੰਘ ਗਾਗੋਵਾਲ ਨੇ ਵੀ ਸਰਪੰਚੀ ਤੋਂ ਹੀ ਆਪਣਾ ਸਿਆਸੀ ਸਬਕ ਸ਼ੁਰੂ ਕੀਤਾ ਸੀ। ਇਸ ਜ਼ਿਲ੍ਹੇ ਦੇ ਹੀ ਸੰਸਦ ਮੈਂਬਰ ਰਹੇ ਮਰਹੂਮ ਚਤਿੰਨ ਸਿੰਘ ਸਮਾਓ ਵੀ ਪਿੰਡ ਦੇ ਸਰਪੰਚ ਰਹੇ ਸਨ। ਬਠਿੰਡਾ ਜ਼ਿਲ੍ਹੇ ’ਚੋਂ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੇ ਵੀ ਆਪਣੇ ਪਿੰਡ ਜੱਸੀ ਬਾਗ ਵਾਲੀ ਦੀ ਸਰਪੰਚੀ ਤੋਂ ਸ਼ੁਰੂਆਤ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਮੁੱਖ ਸੰਸਦੀ ਸਕੱਤਰ ਰਹੇ ਐੱਨਕੇ ਸ਼ਰਮਾ ਵੀ ਪਿੰਡ ਲੋਹਗੜ੍ਹ ਦੇ ਸਰਪੰਚ ਰਹਿ ਚੁੱਕੇ ਹਨ। ਮਰਹੂਮ ਜਥੇਦਾਰ ਤੋਤਾ ਸਿੰਘ, ਜੋ ਸਿੱਖਿਆ ਮੰਤਰੀ ਰਹੇ, ਵੀ ਆਪਣੇ ਜੱਦੀ ਪਿੰਡ ਦੀਦਾਰ ਸਿੰਘ ਵਾਲਾ ਦੇ ਸਰਪੰਚ ਚੁਣੇ ਗਏ ਸਨ। ਭਾਜਪਾ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ ਮੁਤਾਬਕ ਜ਼ਰੂਰੀ ਨਹੀਂ ਕਿ ਸਰਪੰਚੀ ਹੀ ਸਿਆਸਤਦਾਨਾਂ ਦੀ ਕਾਮਯਾਬੀ ਦਾ ਆਧਾਰ ਹੋਵੇ। ਸਰਪੰਚੀ ਜ਼ਮੀਨੀ ਹਕੀਕਤ ਜਾਣਨ ’ਚ ਜ਼ਰੂਰ ਸਹਾਈ ਹੁੰਦੀ ਹੈ।
ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਰਹੇ ਉਜਾਗਰ ਸਿੰਘ ਸੇਖਵਾਂ, ਸਾਬਕਾ ਮੰਤਰੀ ਮਰਹੂਮ ਅਜੀਤ ਸਿੰਘ ਕੋਹਾੜ, ਸੀਨੀਅਰ ਅਕਾਲੀ ਆਗੂ ਮਰਹੂਮ ਰਣਜੀਤ ਸਿੰਘ ਬ੍ਰਹਮਪੁਰਾ, ਦੋ ਵਾਰ ਵਿਧਾਇਕ ਰਹੇ ਮੋਹਨ ਲਾਲ ਬਹਿਰਾਮ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਤੋਂ ਇਲਾਵਾ ਮਲਕੀਤ ਸਿੰਘ ਕੀਤੂ ਵੀ ਆਪੋ ਆਪਣੇ ਪਿੰਡਾਂ ਦੇ ਸਰਪੰਚ ਰਹੇ ਸਨ। ਮੌਜੂਦਾ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਵਣਾਂਵਾਲੀ ਦੇ ਪਿਤਾ ਵੀ ਪਿੰਡ ਦੇ ਸਰਬਸੰਮਤੀ ਨਾਲ ਸਰਪੰਚ ਰਹੇ ਹਨ।