ਪੱਤਰ ਪ੍ਰੇਰਕ
ਆਨੰਦਪੁਰ ਸਾਹਿਬ, 11 ਅਗਸਤ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਇੱਕ ਵੱਡੇ ਵਫ਼ਦ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਰੋਸ ਮਾਰਚ ਕੀਤਾ। ਇਸ ਸਬੰਧੀ ਗੁਰਵਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਇਨਕਲਾਬੀ ਸੁਧਾਰ ਕਰਨ ਦੇ ਨਾਂ ’ਤੇ ਬਣੀ ਪੰਜਾਬ ਸਰਕਾਰ ਵੱਲੋਂ ਸਕੂਲ ਮੁਖੀਆਂ ਸਮੇਤ ਹਜ਼ਾਰਾਂ ਖਾਲੀ ਪੋਸਟਾਂ ਭਰਨ ਦੀ ਬਜਾਏ ਪ੍ਰਮੋਸ਼ਨਾਂ ਵਿੱਚ ਜਾਣ ਬੁਝ ਕੇ ਅੜਿੱਕੇ ਪਾਏ ਜਾ ਰਹੇ ਹਨ। ਪਿਛਲੇ ਕਈ ਸਾਲਾਂ ਤੋਂ ਤਰੱਕੀਆਂ ਲਟਕਣ ਅਤੇ ਪੂਰੀ ਭਰਤੀ ਨਾ ਹੋਣ ਕਾਰਨ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਸਾਂਝੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਧਿਆਪਕ ਤਰੱਕੀ ਉਡੀਕਦੇ ਸੇਵਾਮੁਕਤ ਹੋ ਰਹੇ ਹਨ। ਇਸੇ ਤਰ੍ਹਾਂ 2018 ਵਿੱਚ ਬਣਾਏ ਗਏ ਅਧਿਆਪਕ ਵਿਰੋਧੀ ਨਿਯਮ ਇਸ ਸਰਕਾਰ ਦੇ ਤੀਜੇ ਸਾਲ ਵਿੱਚ ਵੀ ਰੱਦ ਨਹੀਂ ਕੀਤੇ ਗਏ। ਇਸ ਦੌਰਾਨ ਪ੍ਰਸ਼ਾਸਨ ਨੇ ਸਾਂਝਾ ਅਧਿਆਪਕ ਮੋਰਚੇ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ 22 ਅਗਸਤ ਨੂੰ ਮੀਟਿੰਗ ਤੈਅ ਕਰਵਾਈ ਹੈ।
ਜਲਦੀ ਕੀਤੀਆਂ ਜਾਣਗੀਆਂ ਲੈਕਚਰਾਰਾਂ ਦੀਆਂ ਤਰੱਕੀਆਂ: ਬੈਂਸ
ਕੁਰਾਲੀ (ਪੱਤਰ ਪ੍ਰੇਰਕ): ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਅੱਜ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਦੀ ਅਗਵਾਈ ਹੇਠ ਮਾਸਟਰ ਕੇਡਰ ਦੀਆਂ ਤਰੱਕੀਆਂ ਅਤੇ ਹੋਰ ਮੰਗਾਂ ਮਨਵਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੈਂਸ ਨੇ 2,200 ਲੈਕਚਰਾਰਾਂ ਦੀਆਂ ਅਤੇ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਜਲਦੀ ਹੀ ਕੀਤੀਆਂ ਜਾਣਗੀਆਂ।