ਪੱਤਰ ਪ੍ਰੇਰਕ
ਜੈਤੋ, 9 ਦਸੰਬਰ
ਹਲਕਾ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਦਿੱਤੇ ਅਸਤੀਫ਼ੇ ਵਿੱਚ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਮੁਖ਼ਾਤਬਿ ਹੁੰਦਿਆਂ ਆਖਿਆ ਕਿ ਨਿੱਜੀ ਰੁਝੇਵਿਆਂ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਮਾਸਟਰ ਬਲਦੇਵ ਸਿੰਘ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਹਰਾਇਆ ਸੀ। ਉਪਰੰਤ ਉਨ੍ਹਾਂ 2019 ਦੀਆਂ ਲੋਕ ਸਭਾ ਦੀ ਚੋਣ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਵੱਲੋਂ ਲੜੀ ਸੀ ਪਰ ਹਾਰ ਗਏ ਸਨ। ਜਾਣਕਾਰੀ ਅਨੁਸਾਰ ਕੁਝ ਅਰਸਾ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਨੇ ਉਨ੍ਹਾਂ ਨੂੰ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾ ਦਿੱਤਾ ਸੀ।