ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜਨਵਰੀ
ਭਾਰਤੀ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ ਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਆਗਿਆ ਦਿੱਤੀ ਸੀ। ਇਹ ਸਹੂਲਤ ਪੰਜਾਬ ਵਿਧਾਨ ਸਭਾ ਦੀਆਂ ਮੌਜੂਦਾ ਆਮ ਚੋਣਾਂ ਵਿੱਚ ਵੋਟਾਂ ਵਾਲੇ ਦਿਨ ਡਿਊਟੀ ’ਤੇ ਤਾਇਨਾਤ ਹੋਣ ਕਾਰਨ ਆਪੋ-ਆਪਣੇ ਪੋਲਿੰਗ ਸਟੇਸ਼ਨ ’ਤੇ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਲਈ ਹੈ। ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਲੇ ਕਿਸੇ ਵੀ ਗ਼ੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ।