ਜੋਗਿੰਦਰ ਸਿੰਘ ਮਾਨ
ਮਾਨਸਾ, 18 ਨਵੰਬਰ
ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਪ੍ਰਧਾਨਗੀ ਹੇਠ ਕਿਸਾਨ ਭਵਨ ਵਿਖੇ ਮੀਟਿੰਗ ਹੋਈ, ਜਿਸ ਦੀ ਸਮਾਪਤੀ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਉਹ ਮਾਲ ਗੱਡੀਆਂ ਚਲਾਉਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਵੱਲੋਂ ਕੋਈ ਵੀ ਪਹਿਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਯਾਤਰੀ ਰੇਲ ਗੱਡੀਆਂ ਚਲਾਉਣ ਲਈ ਕੇਂਦਰ ਸਰਕਾਰ ਨੂੰ ਉਪਰਾਲਾ ਕਰਨਾ ਚਾਹੀਦਾ ਹੈ ਅਤੇ ਜੇ ਸਰਕਾਰ ਮਾਲ ਗੱਡੀਆਂ ਚਲਾਉਂਦੀ ਹੈ ਤਾਂ ਕਿਸਾਨ ਜਥੇਬੰਦੀਆਂ ਸਵਾਰੀ ਵਾਲੀਆਂ ਗੱਡੀਆਂ ਚਲਾਉਣ ਬਾਰੇ ਤੁਰੰਤ ਮੀਟਿੰਗ ਬੁਲਾਕੇ ਇਸ ਬਾਰੇ ਫ਼ੈਸਲਾ ਲੈਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਵੇਂ ਕਿਸਾਨਾਂ ਵੱਲੋਂ ਸੰਘਰਸ਼ ਚਲਾਏ ਜਾ ਰਹੇ ਹਨ, ਇਨ੍ਹਾਂ ਨੂੰ ਹੁਣ ਤੇਜ਼ ਕੀਤਾ ਜਾਵੇਗਾ ਅਤੇ ਕਿਸਾਨ 26-27 ਨਵੰਬਰ ਨੂੰ ਦਿੱਲੀ ਵਿਖੇ ਬਕਾਇਦਾ ਕੇਂਦਰ ਸਰਕਾਰ ਖ਼ਿਲਾਫ਼ ਧਰਨੇ ਲਾਉਣਗੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਜੋ ਮਰਜ਼ੀ ਪਾਬੰਦੀਆਂ ਲਾਵੇ, ਕਿਸਾਨ ਹਰ ਹੀਲੇ ਦਿੱਲੀ ਪੁੱਜਣਗੇ। ਉਨ੍ਹਾਂ ਕਿਹਾ ਕਿ ਕਰੋਨਾ ਦਾ ਬਹਾਨਾ ਲਾਕੇ ਕਿਸਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ੇਸ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਫ਼ਤਰਾਂ ਦੇ ਉਦਘਾਟਨੀ ਸਮਾਗਮਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਭਾਜਪਾ ਲੀਡਰਾਂ ਦਾ ਲਗਾਤਾਰ ਵਿਰੋਧ ਹੋਵੇਗਾ। ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਆਲ ਇੰਡੀਆ ਕਿਸਾਨ ਜਥੇਬੰਦੀਆਂ ਵੱਲੋਂ ਨਿਯੁਕਤ ਕਿਸਾਨ ਮੋਰਚਾ ਬਣਾਇਆ ਗਿਆ ਹੈ, ਜਿਸ ਦੀ 19 ਨਵੰਬਰ ਨੂੰ ਮੀਟਿੰਗ ਹੋਵੇਗੀ, ਜਿਸ ਵਿੱਚ ਸਾਰੇ ਸੂਬਿਆਂ ਦੇ ਕਿਸਾਨ ਭਾਗ ਲੈਣਗੇ।