ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਨਵੰਬਰ
Punjab By polls: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ (ਐਸ.ਸੀ), ਗਿੱਦੜਬਾਹਾ ਤੇ ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਦੇ ਮੱਦੇਨਜ਼ਰ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਾਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ। ਉਨ੍ਹਾਂ ਨੇ ਚੋਣਾਂ ਨੂੰ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਨ ਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ।