ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਅਤੇ ਪੰਥਕ ਮੁੱਦਿਆਂ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਆਪਣੀ ਪਾਰਟੀ ਦੇ ਭਾਜਪਾ ਨਾਲ ਗੱਠਜੋੜ ਹੋਣ ਮੌਕੇ ਪਾਰਟੀ ਵੱਲੋਂ ਪੇਸ਼ ਕੀਤੇ ਗਏ 12 ਨੁਕਾਤੀ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ’ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਯਕੀਨੀ ਬਣਾਉਣਾ, ਸਿੱਖਾਂ ਦੀ ਕਾਲੀ ਸੂਚੀ ਰੱਦ ਕਰਨਾ, ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦੇਣਾ, ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਆਫੀ, ਜੰਮੂ ਕਸ਼ਮੀਰ ਦੇ ਪੈਟਰਨ ’ਤੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ, ਪੰਜਾਬ ਲਈ ਵੱਡੇ ਪ੍ਰੋਜੈਕਟ ਅਤੇ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਸਮੇਤ ਕਈ ਹੋਰ ਅਹਿਮ ਮਸਲੇ ਸ਼ਾਮਲ ਹਨ। ਅਕਾਲੀ ਦਲ ਸੰਯੁਕਤ ਦੇ ਬੁਲਾਰੇ ਵੱਲੋਂ ਪਟਿਆਲਾ ’ਚ ਜਾਰੀ ਕੀਤੇ ਗਏ ਬਿਆਨ ਦੌਰਾਨ ਸ੍ਰੀ ਢੀਂਡਸਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਹੱਲ ਕਰਵਾਉਣ ਸਬੰਧੀ ਹਾਂ-ਪੱਖੀ ਸੰਕੇਤ ਦਿੱਤਾ।
ਸ੍ਰੀ ਢੀਂਡਸਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਵੱਲੋਂ ਜਿਸ ਟਵੀਟ ’ਚ ਉਨ੍ਹਾਂ (ਢੀਂਡਸਾ) ਨਾਲ ਮੀਟਿੰਗ ਕਰਨ ਦਾ ਸੁਭਾਗ ਪ੍ਰਾਪਤ ਹੋਣ ਦੀ ਗੱਲ ਲਿਖੀ ਹੈ, ਉਸ ਵਿਚ ਹੀ ਪ੍ਰਧਾਨ ਮੰਤਰੀ ਨੇ ਇਹ ਗੱਲ ਵੀ ਆਖੀ ਕਿ ‘ਪੰਜਾਬ ਦੇ ਵੱਖ ਵੱਖ ਮੁੱਦਿਆਂ ਬਾਰੇ ਸ੍ਰੀ ਢੀਂਡਸਾ ਦੇ ਵਿਚਾਰ ਸੁਣ ਕੇ ਬਹੁਤ ਵਧੀਆ ਲੱਗਿਆ ਹੈ।’ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੇ ਵਿਚਾਰਾਂ ਵਿੱਚੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਪ੍ਰਤੀ ਉਨ੍ਹਾਂ ਦਾ ਜਜ਼ਬਾ ਝਲਕਦਾ ਹੈ। ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਪ੍ਰਤੀ ਦਿਖਾਈ ਸੰਜੀਦਗੀ ਦੀ ਸ਼ਲਾਘਾ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਸ੍ਰੀ ਮੋਦੀ ਦੀ ਗੱਲਬਾਤ ਵਿੱਚੋਂ ਉਨ੍ਹਾਂ ਨੂੰ ਪੰਜਾਬ, ਖਾਸ ਕਰਕੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਤੇ ਪੰਜਾਬ ਪ੍ਰਤੀ ਉਨ੍ਹਾਂ ਦਾ ਪਿਆਰ ਮਹਿਸੂਸ ਹੋਇਆ ਹੈ। ਉਨ੍ਹਾਂ ਟਵੀਟ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ।