ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 19 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਵਾਰਨ ਵਾਲੇ ਕਿਸਾਨਾਂ ਦੀ ਯਾਦਗਾਰ ਉਸਾਰੀ ਜਾਵੇਗੀ। ਉਨ੍ਹਾਂ ਕਿਹਾ ਕਿ ਯਾਦਗਾਰ ਉਸਾਰਨ ਲਈ ਥਾਂ ਦੀ ਚੋਣ ਕਰਨ ਵਾਸਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਸ੍ਰੀ ਚੰਨੀ ਨੇ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਸੰਘਰਸ਼ ਦੌਰਾਨ ਸ਼ਹੀਦ ਹੋਏ ਲਗਭਗ 700 ਕਿਸਾਨਾਂ ਦੇ ਪਰਿਵਾਰਾਂ ਲਈ ਰਾਹਤ ਪੈਕੇਜ ਐਲਾਨਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਵਾਲਾ ਬਿੱਲ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇ।